ਅੰਮ੍ਰਿਤਸਰ, 14 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੁਖਬੀਰ ਸਿੰਘ ਬਾਦਲ ਉੱਤੇ ਜਾਨਲੇਵਾ ਹਮਲਾ ਕਰਨ ਵਾਲੇ ਜੁਝਾਰੂ ਭਾਈ ਨਰਾਇਣ ਸਿੰਘ ਚੌੜਾ ਨੂੰ ਸਰਬੱਤ ਖ਼ਾਲਸਾ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਫ਼ਖ਼ਰ-ਏ-ਕੌਮ ਦੇ ਖ਼ਿਤਾਬ ਨਾਲ ਸਨਮਾਨਿਤ ਕੀਤੇ ਜਾਣ ਦੇ ਐਲਾਨ ਦਾ ਭਰਪੂਰ ਸਵਾਗਤ ਅਤੇ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਬਾਦਲਾਂ ਦੀ ਚਾਪਲੂਸ ਸ਼੍ਰੋਮਣੀ ਕਮੇਟੀ ਤਾਂ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕਰ ਰਹੀ ਹੈ, ਪਰ ਖ਼ਾਲਸਾ ਪੰਥ ਵੱਲੋਂ ਭਾਈ ਨਰਾਇਣ ਸਿੰਘ ਚੌੜਾ ਦੇ ਐਕਸ਼ਨ ਨੂੰ ਸਲਾਹਿਆ ਜਾ ਰਿਹਾ ਹੈ ਤੇ ਉਹ ਸਮਾਂ ਵੀ ਦੂਰ ਨਹੀਂ ਜਦੋਂ ਹਰੇਕ ਪੰਥਕ ਜਥੇਬੰਦੀ, ਸੰਪਰਦਾ, ਸੰਸਥਾ ਤੇ ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਭਾਈ ਨਰਾਇਣ ਸਿੰਘ ਚੌੜਾ ਨੂੰ ਗੁਰੂ ਘਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਨਮਾਨਿਤ ਕਰਨਗੀਆਂ। ਉਹਨਾਂ ਕਿਹਾ ਕਿ 10 ਦਸੰਬਰ ਨੂੰ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਵਿੱਚ ਅਸੀਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਇਹ ਅਪੀਲ ਵੀ ਕੀਤੀ ਸੀ ਕਿ ਭਾਈ ਨਰਾਇਣ ਸਿੰਘ ਚੌੜਾ ਨੂੰ ਫ਼ਖ਼ਰ-ਏ-ਕੌਮ ਅਤੇ ਪੰਥਕ ਯੋਧੇ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਜਾਵੇ। ਜਿਸ ਸੰਬੰਧ ਵਿੱਚ ਇਤਿਹਾਸਿਕ ਫੈਸਲਾ ਲੈਂਦਿਆਂ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ (ਨਜ਼ਰਬੰਦ ਤਿਹਾੜ੍ਹ ਜੇਲ੍ਹ, ਨਵੀਂ ਦਿੱਲੀ) ਦੀ ਗ਼ੈਰ ਹਾਜ਼ਰੀ ਵਿੱਚ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਭਾਈ ਨਰਾਇਣ ਸਿੰਘ ਚੌੜਾ ਨੂੰ ਫ਼ਖ਼ਰ-ਏ-ਕੌਮ ਖ਼ਿਤਾਬ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਹੈ ਜਿਸ ਨਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ ਤੇ ਇਸ ਫ਼ੈਸਲੇ ਨਾਲ ਬਾਦਲ ਜੁੰਡਲੀ ਅਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਦੇ ਮੂੰਹ ਉੱਤੇ ਕਰਾਰੀ ਚਪੇੜ ਵੱਜੀ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤ-ਪਨਾਹੀ ਕੀਤੀ, ਪੰਥਪ੍ਰਸਤ ਗੁਰਸਿੱਖਾਂ ਨੂੰ ਗੋਲ਼ੀਆਂ ਮਾਰ ਕੇ ਭੁੰਨਿਆ, ਸਿੱਖ ਨੌਜਵਾਨੀ ਦੇ ਝੂਠੇ ਪੁਲਿਸ ਮੁਕਾਬਲੇ ਬਣਾਉਣ ਵਾਲੇ ਬੁੱਚੜ ਪੁਲਿਸ ਅਫਸਰਾਂ ਨੂੰ ਤਰੱਕੀਆਂ ਦਿੱਤੀਆਂ, ਬਲਾਤਕਾਰੀ ਸਿਰਸੇ ਵਾਲੇ ਨੂੰ ਮਾਫੀ ਦਿਵਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਾਹਿਬਾਨਾਂ ਦੀ ਸ਼ਾਨ ਨੂੰ ਵੀ ਮਿੱਟੀ ਵਿੱਚ ਰੋਲਿਆ ਅਤੇ ਪੰਥ ਤੇ ਪੰਜਾਬ ਦਾ ਰੱਜ ਕੇ ਘਾਣ ਕੀਤਾ ਸੀ। ਜਦੋਂ ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਜਥੇਦਾਰਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਬਣਦੀ ਸਜ਼ਾ ਨਾ ਦਿੱਤੀ ਤਾਂ ਭਾਈ ਨਰਾਇਣ ਸਿੰਘ ਚੌੜਾ ਨੇ ਆਪਣੀ ਪੰਥਕ ਜਿੰਮੇਵਾਰੀ ਨਿਭਾਈ ਤੇ ਦੁਸ਼ਟ ਨੂੰ ਸੋਧਣ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਭਾਈ ਨਰਾਇਣ ਸਿੰਘ ਚੌੜਾ ਅਤੇ ਉਹਨਾਂ ਦੇ ਪਰਿਵਾਰ ਨਾਲ ਖੜਾ ਹੈ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸਰਬੱਤ ਖ਼ਾਲਸਾ ਦੇ੍ਰਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਪਰਿਵਾਰ ਦੀ ਸਿੱਖ ਸੰਘਰਸ਼ ਵਿੱਚ ਵੱਡੀ ਕੁਰਬਾਨੀ ਹੈ, ਉਹਨਾਂ ਦੇ ਤਿੰਨ ਭਰਾ ਸ਼ਹੀਦ ਹੋਏ ਹਨ ਤੇ ਜਥੇਦਾਰ ਸਾਹਿਬ ਨੇ ਵੀ ਅਥਾਹ ਜ਼ੁਲਮ ਝੱਲਿਆ ਹੈ, ਉਹ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਬਚਨਾਂ ਦੇ ਪਹਿਰੇਦਾਰ ਹਨ। ਜਥੇਦਾਰ ਸਾਹਿਬ ਕੌਮ ਦੇ ਦਰਦ ਨੂੰ ਮਹਿਸੂਸ ਕਰਦੇ ਹਨ ਅਤੇ ਉਹਨਾਂ ਨੇ ਭਾਈ ਨਰਾਇਣ ਸਿੰਘ ਚੌੜਾ ਬਾਰੇ ਕੀਤੀ ਤਕਰੀਰ ਵਿੱਚ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕੀਤੀ ਹੈ ਤੇ ਪੰਥ ਦੇ ਦਰਦ ਨੂੰ ਸਮਝਿਆ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਉੱਤੇ ਭਾਈ ਨਰਾਇਣ ਸਿੰਘ ਚੌੜਾ ਵੱਲੋਂ ਕੀਤਾ ਹਮਲਾ ਖ਼ਾਲਸਾ ਪੰਥ ਦੇ ਰੋਹ ਦਾ ਪ੍ਰਗਟਾਵਾ ਹੈ। ਉਹਨਾਂ ਇਹ ਵੀ ਕਿਹਾ ਕਿ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਅਤੇ ਅਦਾਰਾ ਖ਼ਾਲਸਾ ਫਤਹਿਨਾਮਾ ਵੱਲੋਂ ਵੀ ਜੁਝਾਰੂ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਰਤਨ ਅਤੇ ਪੰਥਕ ਯੋਧੇ ਦੇ ਖ਼ਿਤਾਬ ਨਾਲ ਸਨਮਾਨਿਆ ਜਾਵੇਗਾ।
Author: Gurbhej Singh Anandpuri
ਮੁੱਖ ਸੰਪਾਦਕ