ਮੁਜ਼ੱਫਰਨਗਰ 7 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਦੇ ਸੱਦੇ ਉਤੇ ਅੱਜ 5 ਸਤੰਬਰ ਨੂੰ ਉਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨਾਂ ਨੇ ਮੁਜ਼ੱਫਰਨਗਰ ਨੂੰ ਚਾਲੇ ਪਾ ਦਿੱਤੇ ਹਨ।
ਇਨ੍ਹਾਂ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹਨ। ਆਗੂਆਂ ਨੇ ਕਿਹਾ ਕਿ 5 ਸਤੰਬਰ ਦੀ ਮਹਾਪੰਚਾਇਤ ਯੋਗੀ ਤੇ ਮੋਦੀ ਸਰਕਾਰਾਂ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਇਹ ਵੀ ਸਾਬਤ ਕਰੇਗੀ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ 9 ਮਹੀਨਿਆਂ ਤੋਂ ਚੱਲ ਰਹੀ ਕਿਸਾਨ ਲਹਿਰ ਨੂੰ ਸਾਰੀਆਂ ਜਾਤਾਂ, ਧਰਮਾਂ, ਰਾਜਾਂ, ਵਰਗਾਂ, ਛੋਟੇ ਵਪਾਰੀਆਂ ਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਪ੍ਰਾਪਤ ਹੈ।
ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮੁਜ਼ੱਫਰਨਗਰ ਮਹਾਪੰਚਾਇਤ ਹੋਵੇਗੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਲਈ ਖਾਣੇ ਦਾ ਪ੍ਰਬੰਧ ਕਰਨ ਲਈ 500 ਲੰਗਰ ਸ਼ੁਰੂ ਕੀਤੇ ਗਏ ਹਨ। ਮਹਾਪੰਚਾਇਤ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀਆਂ ਜਾਂਚ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ।
ਮੁਜ਼ੱਫਰਨਗਰ ਤੇ ਨੇੜਲੇ ਜ਼ਿਲ੍ਹਿਆਂ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਪੰਚਾਇਤ ਵਿੱਚ ਹਿੱਸਾ ਲੈਣ ਤੇ ਬਾਹਰੋਂ ਆਏ ਕਿਸਾਨਾਂ ਦੀ ਸਹਾਇਤਾ ਕਰਨ ਲਈ ਸਮਾਂ ਕੱਢਣ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹੁਣ ਪੰਜਾਬ ਸਰਕਾਰ ਨੂੰ 8 ਸਤੰਬਰ ਤੋਂ ਪਹਿਲਾਂ ਕਿਸਾਨਾਂ ਵਿਰੁੱਧ ਦਾਇਰ ਕੀਤੇ ਸਾਰੇ ਫਰਜ਼ੀ ਕੇਸ ਵਾਪਸ ਲੈਣ ਦਾ ਅਲਟੀਮੇਟਮ ਦਿੱਤਾ ਹੈ।ਮੁਜ਼ੱਫਰਨਗਰ ’ਚ ਕੀਤੀ ਜਾਣ ਵਾਲੀ ਮਹਾਪੰਚਾਇਤ ਦੇਸ਼ ’ਚ ਨਵਾਂ ਇਤਿਹਾਸ ਸਿਰਜੇਗੀ।
Author: Gurbhej Singh Anandpuri
ਮੁੱਖ ਸੰਪਾਦਕ