ਅੰਮ੍ਰਿਤਸਰ 26ਦਸੰਬਰ (ਅਸੀਸ ਕੌਰ)-ਪੰਜਾਬੀ ਅਦਾਕਾਰਾ ਅਤੇ ਬਿੱਗ ਬਾਸ ਫੇਮ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਉਰਫ ਸੁੱਖ ‘ਤੇ ਕੁਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੇ ਸਮੇਂ ਉਹ ਆਪਣੇ ਡਰਾਈਵਰ ਨਾਲ ਘਰ ਪਰਤ ਰਹੇ ਸਨ। ਦੋਵਾਂ ਨੇ ਕਿਸੇ ਤਰ੍ਹਾਂ ਗੋਲੀਆਂ ਤੋਂ ਬਚਾਅ ਕੀਤਾ।ੋ
ਜੰਡਿਆਲਾ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਸ਼ਨੀਵਾਰ ਰਾਤ 8 ਵਜੇ ਦੀ ਹੈ। ਸੰਤੋਖ ਸਿੰਘ ਦੋ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਮਾਮਲੇ ਨੂੰ ਸਿਆਸੀ ਰੰਜਿਸ਼ ਨਾਲ ਵੀ ਜੋੜਿਆ ਜਾ ਰਿਹਾ ਹੈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ। ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਰੇ ਘਟਨਾਕ੍ਰਮ ਸਬੰਧੀ ਕਈ ਸੁਰਾਗ ਸਾਹਮਣੇ ਆਏ ਹਨ, ਜਿਨ੍ਹਾਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਸੰਤੋਖ ਸਿੰਘ ਨੇ ਦੱਸਿਆ ਕਿ ਅਗਸਤ ਮਹੀਨੇ ਵਿੱਚ ਵੀ ਉਸ ’ਤੇ ਹਮਲਾ ਹੋਇਆ ਸੀ। ਪੀੜਤ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਡਰਾਈਵਰ ਨਾਲ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਰਾਤ 8 ਵਜੇ ਜੰਡਿਆਲਾ ਗੁਰੂ ਕੋਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਉਸ ਦੀ ਕਾਰ ਨੂੰ ਲੱਗ ਗਈਆਂ। ਜਦੋਂ ਉਸ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਤਾਂ ਦੋਸ਼ੀ ਬਾਈਕ ‘ਤੇ ਫਰਾਰ ਹੋ ਗਿਆ।
ਸੰਤੋਖ ਸਿੰਘ ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਸੰਤੋਖ ਸਿੰਘ ਪਹਿਲਾਂ ਵੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜ ਚੁੱਕੇ ਹਨ। ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਖਡੂਰ ਸਾਹਿਬ ਦੀ ਵਿਧਾਨ ਸਭਾ ਚੋਣ ਲੜਨ ਦੇ ਇੱਛੁਕ ਹਨ। ਉਨ੍ਹਾਂ ਨੇ ਇਹ ਇੱਛਾ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪ੍ਰਗਟ ਕੀਤੀ ਹੈ। ਪੁਲਿਸ ਵੀ ਇਸ ਹਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਮੰਨ ਰਹੀ ਹੈ।
Author: Gurbhej Singh Anandpuri
ਮੁੱਖ ਸੰਪਾਦਕ