Home » ਅੰਤਰਰਾਸ਼ਟਰੀ » ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾ

43 Views

ਅੰਮ੍ਰਿਤਸਰ 22 ਜਨਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ।

ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਬਿਲਕੁਲ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਵਾਈ ਜਾ ਚੁੱਕੀ ਹੈ, ਜਦਕਿ ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪੈ ਰਹੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਤੱਕ ਵੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਵੀ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਬੀਤੇ ’ਚ ਕਾਂਗਰਸ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਵੀ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਦੋਗਲੇ ਕਿਰਦਾਰ ਵਾਲੇ ਵਿਅਕਤੀ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਪ੍ਰੋ. ਭੁੱਲਰ ਦੇ ਨਾਲ-ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਰ ਸਿੱਖ ਬੰਦੀ ਨੂੰ ਰਿਹਾਅ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਇਕ ਹੋਰ ਅਹਿਮ ਫੈਸਲਾ ਕਰਦਿਆਂ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ’ਚ ਬਹਿਬਲ ਕਲਾਂ ਵਿਖੇ ਸੰਗਤਾਂ ਵੱਲੋਂ ਲਗਾਏ ਧਰਨੇ ਦੌਰਾਨ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੇ ਮਾਮਲੇ ਵਿਚ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਬੰਧ ਵਿਚ ਭਾਰਤ ਸਰਕਾਰ ਦਾ ਇਹ ਫੈਸਲਾ ਭਾਵੇਂ ਸਵਾਗਤਯੋਗ ਹੈ, ਪਰ ਇਸ ਦੇ ਨਾਂ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਦੀ ਰਾਇ ਉਪਰੰਤ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਰਾਜਸਥਾਨ ਨਾਲ ਸਬੰਧਤ ਸਵਾਮੀ ਬ੍ਰਹਮਦੇਵ ਡੇਰੇ ਵੱਲੋਂ ਗੁਰਬਾਣੀ ਦੀਆਂ ਤੁਕਾਂ ਬਦਲਣ ਦੀ ਕੋਝੀ ਹਰਕਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ, ਜਿਸ ’ਤੇ ਅੱਜ ਸਬੰਧਤ ਵੱਲੋਂ ਮੁਆਫ਼ੀਨਾਮਾ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਮਾਮਲਿਆਂ ਸਬੰਧੀ ਸਰਕਾਰਾਂ ਨੂੰ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ। ਇਸ ਦੋਂ ਇਲਾਵਾ ਪ੍ਰੀਖਿਆਵਾਂ ਦੌਰਾਨ ਸਿੱਖਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵੀ ਨਿੰਦਣਯੋਗ ਹਨ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਗਠਤ ਕਰਨ ਦਾ ਫੈਸਲਾ ਕੀਤਾ ਹੈ, ਜੋ ਸਮੇਂ-ਸਮੇਂ ਸਰਕਾਰਾਂ ਅਤੇ ਘੱਟਗਿਣਤੀ ਕਮਿਸ਼ਨ ਤੱਕ ਰਾਬਤ ਬਣਾਏਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰਮਤਿ ਸੰਗੀਤ ਅਕੈਡਮੀ ਦਾ ਨਾਂ ਵੀ ਹੁਣ ਪ੍ਰੋ. ਕਰਤਾਰ ਸਿੰਘ ਦੇ ਨਾਂ ’ਤੇ ਹੋਵੇਗਾ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਪ੍ਰੋ. ਕਰਤਾਰ ਸਿੰਘ ਪਦਮਸ੍ਰੀ, ਸ. ਹਰਿੰਦਰ ਸਿੰਘ ਰਣੀਆ, ਸੰਤ ਮਨਜੀਤ ਸਿੰਘ ਹਰਖੋਵਾਲ, ਗਿਆਨੀ ਰਾਜਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਡਾ. ਹਰਦਾਸ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਜਲੀ ਭੇਟ ਕੀਤੀ ਗਈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਹਾਜ਼ਰ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?