-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ
-ਮੁੱਖ ਮੰਤਰੀ ਦੇ ਨਾਂ ਲਿਖੇ ਪੱਤਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ
ਅੰਮ੍ਰਿਤਸਰ 5 ਜਨਵਰੀ – ( ਹਰਮੇਲ ਸਿੰਘ ਹੁੰਦਲ਼ )
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖਿਲਾਫ ਕੀਤੀ ਗਈ ਅਪਮਾਨਜਨਕ ਬਿਆਨਬਾਜ਼ੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਮ ਪੱਤਰ ਸੌਂਪ ਕੇ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਆਪਣੇ ਪੱਤਰ ਵਿਚ ਸ. ਮਾਨ ਨੂੰ ਕਿਹਾ ਕਿ ਜਾਂ ਤਾਂ ਉਹ ਤੁਰੰਤ ਜਨਤਕ ਮੁਆਫ਼ੀ ਮੰਗਣ, ਨਹੀਂ ਤਾਂ ਮਾਨਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣ।
ਇਥੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੂੰ ਪੱਤਰ ਸੌਂਪਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਬੰਡਾਲਾ ਤੇ ਭਾਈ ਅਜਾਇਬ ਸਿੰਘ ਅਭਿਆਸੀ ਸਮੇਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਥੇ ਰੋਸ ਪ੍ਰਗਟ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਖਿਆ ਕਿ ਸ. ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇ ਮਾਣ-ਸਤਿਕਾਰ ਨੂੰ ਭਾਰੀ ਸੱਟ ਮਾਰਨ ਦੇ ਨਾਲ-ਨਾਲ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੇ ਆ ਰਹੇ ਦਸਵੰਧ ਅਤੇ ਸੇਵਾ ਦੇ ਸਿਧਾਂਤ ਨਾਲ ਵੀ ਮਜਾਕ ਕੀਤਾ ਹੈ। ਇਸ ਨਾਲ ਪੂਰੇ ਸਿੱਖ ਜਗਤ ਅੰਦਰ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਆਪਣੇ ਸ਼ਬਦ ਵਾਪਸ ਲੈਂਦਿਆਂ ਤੁਰੰਤ ਜਨਤਕ ਮੁਆਫ਼ੀ ਮੰਗਣ, ਨਹੀਂ ਤਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਸ ਵਿਰੁੱਧ ਮਾਨਹਾਨੀ ਦਾ ਕੇਸ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਲਿਖੇ ਆਪਣੇ ਪੱਤਰ ਵਿਚ ਕਿਹਾ ਕਿ ਗੁਰੂ ਦੀ ਗੋਲਕ, ਲੰਗਰ, ਸੰਗਤ, ਦਸੰਵਧ ਆਦਿ ਦੇ ਸਿਧਾਂਤ ਅਤੇ ਮਰਯਾਦਾ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ, ਜੋ ਅੱਜ ਵੀ ਉਸੇ ਸੰਦਰਭ ਵਿਚ ਜਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦਰਬਾਰ ਵਿਚ ਦਰਸ਼ਨਾਂ ਲਈ ਆਏ ਸ਼ਰਧਾਲੂ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਦੇ ਕੇ ਖੁਸ਼ੀਆਂ ਪ੍ਰਾਪਤ ਕਰਦੇ ਹਨ ਅਤੇ ਇਸ ਨਾਲ ਹੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਸੰਗਤਾਂ ਲਈ ਲੋੜੀਂਦੇ ਕਾਰਜ ਕੀਤੇ ਜਾਂਦੇ ਹਨ। ਸਿੱਖ ਪ੍ਰੰਪਰਾਵਾਂ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੇੜਿਓਂ ਜੁੜੀਆਂ ਹੋਈਆਂ ਹਨ ਅਤੇ ਉਸ (ਸ. ਭਗਵੰਤ ਸਿੰਘ ਮਾਨ) ਦੇ ਗੁਰੂ ਦੀ ਗੋਲਕ ਬਾਰੇ ਬਿਆਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪੱਤਰ ਵਿਚ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਿਨਾਂ ਕਿਸੇ ਤਨਖ਼ਾਹ ਭੱਤੇ ਦੇ ਸੇਵਾ ਕਰਦੇ ਹਨ ਅਤੇ ਭਾਰਤ ਦੇ ਕਿਸੇ ਵੀ ਚੁਣੇ ਹੋਏ ਅਹੁਦੇ ਵਿੱਚੋਂ ਕੇਵਲ ਸ਼੍ਰੋਮਣੀ ਕਮੇਟੀ ਮੈਂਬਰ ਹੀ ਅਜਿਹੇ ਹਨ, ਜੋ ਸੇਵਾ ਬਦਲੇ ਲਾਭ ਨਹੀਂ ਪ੍ਰਾਪਤ ਕਰਦੇ। ਇਹ ਵੀ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਸੰਗਤ ਵੱਲੋਂ ਭੇਟ ਕੀਤੇ ਚੜ੍ਹਾਵੇ ਨਾਲ ਹੀ ਵੱਡੇ ਕਾਰਜ ਕਰ ਰਹੀ ਹੈ। ਜਿਥੇ ਸਰਕਾਰਾਂ ਨਾਕਾਮ ਰਹੀਆਂ ਹਨ, ਉਥੇ ਸਿੱਖ ਸੰਸਥਾ ਨੇ ਮੋਹਰੀ ਭੂਮਿਕਾ ਨਿਭਾਈ ਹੈ। ਔਕੜਾਂ ਸਮੇਂ ਮਨੁੱਖਤਾ ਦੀ ਸੇਵਾ ਵਿਚ ਵੀ ਗੁਰੂ ਘਰ ਪਿੱਛੇ ਨਹੀਂ ਰਹਿੰਦੇ। ਅਜਿਹੇ ਵਿਚ ਸ. ਭਗਵੰਤ ਸਿੰਘ ਮਾਨ ਦਾ ਬਿਆਨ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲਾ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪਮਾਨਤ ਕਰਨ ਵਾਲਾ ਹੈ।
ਇਸੇ ਦੌਰਾਨ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਵਕਾਰੀ ਤੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੇ ਹੇਠਲੇ ਪੱਧਰ ਦੀ ਸ਼ਬਦਾਵਲੀ ਵਰਤ ਕੇ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ, ਜਿਸ ਲਈ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਹੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸ. ਮਾਨ ਨੇ ਮੁਆਫ਼ੀ ਮੰਗਣ ਵਿਚ ਆਨਾ-ਕਾਨੀ ਕੀਤੀ ਤਾਂ ਸਾਰੇ ਮੈਂਬਰ ਮਾਨਹਾਨੀ ਦੇ ਮੁਕੱਦਮੇ ਵੱਲ ਵਧਣਗੇ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।
Author: Gurbhej Singh Anandpuri
ਮੁੱਖ ਸੰਪਾਦਕ