ਅੰਮ੍ਰਿਤਸਰ, 10 ਅਪ੍ਰੈਲ ( ਨਜ਼ਰਾਨਾ ਨਿਊਜ ਨੈੱਟਵਰਕ )
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਢਾਬ ਬਸਤੀ ਰਾਮ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸਰਵਨ ਸਿੰਘ ਕੁਲਾਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ, ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
#NagarKirtan #SriDarbarSahib #SriHarmandarSahib #PrakashGurpurb #SriGuruTeghBahadarSahibJi #SikhGuru #NinthSikhGuru #Sikhs
Author: Gurbhej Singh Anandpuri
ਮੁੱਖ ਸੰਪਾਦਕ