ਚੰਡੀਗੜ੍ਹ ( ਨਜ਼ਰਾਨਾ ਨਿਊਜ ਨੈੱਟਵਰਕ ) – ਪੰਜਾਬ ਦੇ ਮੋਰਿੰਡਾ ਵਿਚ ਹਾਲ ਹੀ ਹੋਈ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੀ ਇਕ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿੱਥੇ ਉਸ ਨੇ ‘ਬੇਚੈਨੀ’ ਮਹਿਸੂਸ ਹੋਣ ਦੀ ਸ਼ਿਕਾਇਤ ਕੀਤੀ ਸੀ। ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਨਾਂ ਦੇ ਮੁਲਜ਼ਮ ਨੂੰ ਸੂਬੇ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ’ਚ ਸਥਿਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਦੋ ਗ੍ਰੰਥੀ ਸਿੰਘਾਂ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਸ ਦੀ ਪੁਲਸ ਹਿਰਾਸਤ ਦੀ ਮਿਆਦ ਖ਼ਤਮ ਹੋਣ ’ਤੇ ਉਸ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ ਅਤੇ ਉਹ 29 ਅਪ੍ਰੈਲ ਤੋਂ ਮਾਨਸਾ ਜੇਲ੍ਹ ਵਿਚ ਸੀ। ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸਿਵਲ ਹਸਪਤਾਲ ’ਚ ਮੌਤ ਹੋ ਗਈ। ਪੁਲਸ ਨੇ ਕਿਹਾ ਕਿ ਉਸ ਵੱਲੋਂ “ਬੇਚੈਨੀ” ਮਹਿਸੂਸ ਹੋਣ ਦੀ ਸ਼ਿਕਾਇਤ ਕਰਨ ਤੋਂ ਬਾਅਦ ਦੁਪਹਿਰ ਨੂੰ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਰਾਤ ਤਕਰੀਬਨ 9 ਵਜੇ ਮੁਲਜ਼ਮ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।
Author: Gurbhej Singh Anandpuri
ਮੁੱਖ ਸੰਪਾਦਕ