ਆਦਮਪੁਰ 6 ਜੂਨ ( ਤਰਨਜੋਤ ਸਿੰਘ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜਲੰਧਰ ਚਿੰਤਪੁਰਨੀ ਮਾਰਗ ਤੇ ਆਦਮਪੁਰ ਵਿਖੇ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।
ਅਧਿਕਾਰੀਆਂ ਸਮੇਤ ਸੜਕ ਦਾ ਦੌਰਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ 13.74 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਲੰਧਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਗੁਣਵੱਤਾ ਅਤੇ ਮਿਆਰ ਦਾ ਪੂਰਾ ਧਿਆਨ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਜੋ ਇਸ ਸੜਕ ’ਤੇ ਲੋਕਾਂ ਦੀ ਆਵਾਜਾਈ ਨੂੰ ਜਲਦ ਤੋਂ ਜਲਦ ਆਸਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਵਿਖੇ ਲੱਗਣ ਵਾਲੇ ਮੇਲਿਆਂ ਵਿੱਚ ਵੱਡੀ ਗਿਣਤੀ ਸ਼ਰਧਾਲੂ ਇਥੋਂ ਹੋ ਕੇ ਜਾਂਦੇ ਹਨ, ਜਿਸ ਦੇ ਮੱਦੇਨਜ਼ਰ ਇਸ ਸੜਕ ਦੇ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਸੜਕ ਦੇ ਕੰਮ ਨੂੰ ਨਿਰਵਿਘਨ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਉਪ ਮੰਡਲ ਇੰਜੀਨੀਅਰ ਦੀ ਘਾਟ ਨੂੰ ਪੂਰਾ ਕਰਨ ਲਈ ਮੌਕੇ ’ਤੇ ਨਿਰਦੇਸ਼ ਦਿੱਤੇ। ਇਸ ਮੌਕੇ ਨਿਗਰਾਨ ਇੰਜੀਨੀਅਰ ਨੈਸ਼ਨਲ ਹਾਈਵੇ ਸਰਕਲ ਅੰਮ੍ਰਿਤਸਰ ਇੰਦਰਜੀਤ ਸਿੰਘ ਵੀ ਮੌਜੂਦ ਸਨ।