ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ’ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ

21

ਅੰਮ੍ਰਿਤਸਰ 15 ਜੁਲਾਈ ( ਤਰਨਜੋਤ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈੱਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ ਮੈਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦਾ ਪੀਟੀਸੀ ਨਾਲ ਹੋਇਆ ਸਮਝੌਤਾ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ, ਜਿਸ ਮਗਰੋਂ 24 ਜੁਲਾਈ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ ਚੈਨਲ ਅਤੇ ਹੋਰ ਵੈੱਬ ਮਾਧਿਅਮਾਂ ਰਾਹੀਂ ਗੁਰਬਾਣੀ ਪ੍ਰਸਾਰਣ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਯੂਟਿਊਬ ਚੈਨਲ ਚਲਾਉਣ ਦਾ ਆਦੇਸ਼ ਹੋਇਆ ਸੀ, ਜਿਸ ਤਹਿਤ ਸਬ-ਕਮੇਟੀ ਗਠਤ ਕਰਕੇ ਕਾਰਵਾਈ ਮੁਕੰਮਲ ਕੀਤੀ ਗਈ ਹੈ। ਇਹ ਕਾਰਜ ਤਕਨੀਕੀ ਹੋਣ ਕਾਰਨ ਕਈ ਪੱਖ ਵਿਚਾਰੇ ਗਏ ਹਨ ਅਤੇ ਸਬ-ਕਮੇਟੀ ਨੇ ਫਿਲਹਾਲ ਇਕ ਕੰਪਨੀ ਰਾਹੀਂ ਮਹੀਨਾਵਾਰ ਖਰਚਿਆਂ ’ਤੇ ਸੇਵਾਵਾਂ ਲੈਣ ਦੀ ਸਿਫਾਰਸ਼ ਕੀਤੀ ਹੈ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੰਪਨੀ ਦੀਆਂ ਲਈਆਂ ਜਾਣ ਵਾਲੀਆਂ ਇਹ ਸੇਵਾਵਾਂ ਤਕਨੀਕੀ, ਲੋੜੀਂਦੇ ਸਮਾਨ ਅਤੇ ਸਟਾਫ਼ ਨਾਲ ਸਬੰਧਤ ਹਨ, ਜਦਕਿ ਪ੍ਰਸਾਰਣ ਦੇ ਹੱਕ ਹਕੂਕ ਸ਼੍ਰੋਮਣੀ ਕਮੇਟੀ ਕੋਲ ਹੀ ਸੁਰੱਖਿਅਤ ਰਹਿਣਗੇ।
ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਪਾਸ ਰਾਖਵੇਂ ਰਹਿਣਗੇ ਅਤੇ ਆਪਣੀ ਮਰਜ਼ੀ ਨਾਲ ਕੋਈ ਵੀ ਚੈਨਲ, ਯੂਟਿਊਬ ਚੈਨਲ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚ ਗੁਰਬਾਣੀ ਪ੍ਰਸਾਰਣ ਨਹੀਂ ਚਲਾ ਸਕੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਬਣਾਏ ਜਾਣ ਵਾਲੇ ਵੈੱਬ/ਯੂਟਿਊਬ ਚੈਨਲ ਦਾ ਨਾਂ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ’ ਹੋਵੇਗਾ ਅਤੇ ਇਸ ’ਤੇ ਸ਼੍ਰੋਮਣੀ ਕਮੇਟੀ ਦਾ ਲੋਗੋ ਲਗਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦਾ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧੀ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਮੁੱਢਲੀ ਕਾਰਵਾਈ ਤਹਿਤ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਸਮਾਂ ਦੇਣ ਲਈ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਜ ਤਕਨੀਕੀ ਹੋਣ ਕਾਰਨ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਸੈਟੇਲਾਈਟ ਚਲਾਉਣ ਵਾਸਤੇ ਆਪਣਾ ਲਾਇਸੰਸ ਲੈਣ ਵਾਸਤੇ ਵਿਧੀਵੱਤ ਪਹੁੰਚ ਅਪਨਾਈ ਜਾਵੇਗੀ। ਇਸ ਕਾਰਜ ਵਾਸਤੇ ਜੇਕਰ ਵੱਖਰੀ ਕੰਪਨੀ ਸਥਾਪਤ ਕਰਨ ਦੀ ਲੋੜ ਪਵੇ ਤਾਂ ਉਸ ਲਈ ਵੀ ਪਰਕਿਰਿਆ ਪੂਰੀ ਕੀਤੀ ਜਾਵੇਗੀ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ।

ਗੁਰਬਾਣੀ ਪ੍ਰਸਾਰਣ ਦੇ ਫੈਸਲੇ ਦੀ ਜਾਣਕਾਰੀ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੌਂਪਿਆ ਪੱਤਰ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਮੂਹ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਦੇ ਆਪਣੇ ਯੂਟਿਊਬ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਕਰਨ ਸਬੰਧੀ ਲਏ ਗਏ ਫੈਸਲੇ ਦੀ ਜਾਣਕਾਰੀ ਦਿੱਤੀ। ਇਸ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਪੱਤਰ ਸੌਂਪਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਅੰਤ੍ਰਿੰਗ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਚੈਨਲ ਸਬੰਧੀ ਗਠਤ ਸਬ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਕੁਲਵੰਤ ਸਿੰਘ ਮੰਨਣ, ਸ. ਸਰਵਣ ਸਿੰਘ ਕੁਲਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਪਾਲ ਸਿੰਘ ਜੱਲਾ, ਬੀਬੀ ਜਸਬੀਰ ਕੌਰ ਜੱਫਰਵਾਲ ਆਦਿ I

*****
#SGPCPressNote #SGPC #Amritsar #SriDarbarSahib #SriHarmandirSahib #Sikhs #GurbaniKirtan #GurbaniBroadcast

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?