ਕੈਬਨਿਟ ਮੰਤਰੀ ਤੇ ਲੋਕ ਸਭਾ ਮੈਂਬਰ ਨੇ 36ਵੇਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ
ਆਦਮਪੁਰ 25 ਨਵੰਬਰ (ਤਰਨਜੋਤ ਸਿੰਘ ) ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਖੇਤਰ ਨੂੰ ਤਰਜੀਹ ਦਿੰਦਿਆਂ ਇਸ ਸੈਕਟਰ ਵਿੱਚ ਬੇਮਿਸਾਲ ਕੰਮ ਕੀਤਾ ਜਾ ਰਿਹਾ ਹੈ।
ਲਾਇਨਜ਼ ਕਲੱਬ ਆਦਮਪੁਰ ਦੁਆਬਾ ਤੇ ਲਾਇਨਜ਼ ਆਈ ਚੈਰੀਟੇਬਲ ਸੁਸਾਇਟੀ ਵੱਲੋਂ 36ਵੇਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸਮਾਪਤੀ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ, ਜਿਸ ਨੂੰ ਇਲਾਜ ਦੀ ਲੋੜ ਹੈ, ਇਲਾਜ ਤੋਂ ਵਾਂਝਾ ਨਾ ਰਹੇ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਸੰਸਥਾ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਇਸ ਮੌਕੇ ਸੰਸਥਾ ਨੂੰ ਆਪਣੇ ਅਖਤਿਆਰੀ ਫੰਡ ਵਿੱਚ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਨੇ ਇਸ ਮੌਕੇ ਐਨ.ਆਰ.ਆਈਜ਼ ਵੱਲੋਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਵਿਕਾਸ ਤੇ ਸਮਾਜਿਕ ਕੰਮਾਂ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।
ਉਨ੍ਹਾਂ ਇਸ ਮੌਕੇ ਆਦਮਪੁਰ ਹਲਕੇ ਵਿੱਚ ਹੋਰ ਵਿਕਾਸ ਕਾਰਜ ਕਰਵਾਉਣ ਦਾ ਭਰੋਸਾ ਵੀ ਦਿਵਾਇਆ।
ਇਸ ਉਪਰੰਤ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਬੋਧਨ ਕਰਦਿਆਂ ਕਲੱਬ ਦੀ ਸਮੁੱਚੀ ਟੀਮ ਨੂੰ ਮਨੁੱਖਤਾ ਦੀ ਭਲਾਈ ਲਈ ਕੀਤੇ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਯਤਨਸ਼ੀਲ ਹੈ ਅਤੇ ਸਮਾਜ ਦੇ ਹਰ ਵਰਗ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।
ਸੰਸਦ ਮੈਂਬਰ ਨੇ ਇਸ ਮੌਕੇ ਐਮ.ਪੀ.ਲੈਡ ਫੰਡ ਵਿੱਚੋਂ ਸੰਸਥਾ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਲਾਇਨਜ਼ ਕਲੱਬ ਦੇ ਅਹੁਦੇਦਾਰ ਮੌਜੂਦ ਸਨ।
Author: Gurbhej Singh Anandpuri
ਮੁੱਖ ਸੰਪਾਦਕ