ਅੰਮ੍ਰਿਤਸਰ, 22 ਫ਼ਰਵਰੀ ( ਹਰਸਿਮਰਨ ਸਿੰਘ ਹੁੰਦਲ ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ ਉੱਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ।
ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਹੱਕ ਮੰਗ ਕਰ ਰਹੇ ਹਨ ਪਰ ਸਰਕਾਰ ਆਪਣੇ ਕੰਨ੍ਹ ਤੇ ਅੱਖਾਂ ਬੰਦ ਕਰੀ ਬੈਠੀ ਹੈ। ਜਿਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ। ਉਸ ਦੀ ਨੀਅਤ ਖਰਾਬ ਹੈ।
Author: Gurbhej Singh Anandpuri
ਮੁੱਖ ਸੰਪਾਦਕ