ਭਾਈ ਗੁਰਪ੍ਰੀਤ ਸਿੰਘ ਨੇ ਬੇਅਦਬੀ ਕਰਨ ਵਾਲੀ ਦੁਸ਼ਟ ਔਰਤ ਨੂੰ ਸੋਧਿਆ ਸੀ : ਪੰਥਕ ਆਗੂ
ਅੰਮ੍ਰਿਤਸਰ, 17 ਮਾਰਚ ( ਹਰਸਿਮਰਨ ਸਿੰਘ ): ਪਿੰਡ ਘਵੱਦੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਦੁਸ਼ਟ ਔਰਤ ਨੂੰ ਸੋਧਣ ਵਾਲੇ ਸਿੱਖ ਕੌਮ ਦੇ ਜੁਝਾਰੂ ਯੋਧੇ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਸੱਤ ਸਾਲਾਂ ਬਾਅਦ ਜ਼ਮਾਨਤ ਮਿਲਣ ‘ਤੇ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਆਵਾਜ਼ੇ ਕੌਮ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਕਰਤਾਰਪੁਰ, ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਭਾਈ ਹਰਜਿੰਦਰ ਸਿੰਘ ਨੀਲੀਆਂ ਫੌਜਾਂ, ਸਿੱਖ ਸਦਭਾਵਨਾ ਦਲ ਦੇ ਮੁਖੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਸੁਖਜੀਤ ਸਿੰਘ ਖੋਸੇ, ਭਾਈ ਦਵਿੰਦਰ ਸਿੰਘ ਖ਼ਾਲਸਾ ਮੁਕੇਰੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਪਰਮਿੰਦਰ ਸਿੰਘ ਖ਼ਾਲਸਾ, ਭਾਈ ਰਣਵੀਰ ਸਿੰਘ ਬੈਂਸਤਾਨੀ, ਭਾਈ ਕਰਨੈਲ ਸਿੰਘ ਘੋੜੇਬਾਹਾ, ਭਾਈ ਜਤਿੰਦਰਪਾਲ ਸਿੰਘ ਮਝੈਲ, ਭਾਈ ਬਲਦੇਵ ਸਿੰਘ ਚੌਹਾਨ ਆਦਿ ਨੇ ਟਾਂਡਾ ਸ਼ਹਿਰ ਵਿੱਚ ਖਾਲਸਾਈ ਜੈਕਾਰਿਆਂ ਦੀ ਭਰਵੀਂ ਗੂੰਜ ਵਿੱਚ ਜੁਝਾਰੂ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਸਿਰੋਪੇ ਤੇ ਦੁਸ਼ਾਲੇ ਪਾ ਕੇ ਸਨਮਾਨਿਤ ਕੀਤਾ ਹੈ।
ਫ਼ੈਡਰੇਸ਼ਨ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਬਲਦੇਵ ਸਿੰਘ ਵਡਾਲਾ ਤੇ ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਜੁਝਾਰੂ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਉੱਤੇ ਸਮੁੱਚੀ ਸਿੱਖ ਕੌਮ ਨੂੰ ਬੇਹੱਦ ਮਾਣ ਹੈ, ਉਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਦੇ ਲਈ ਵੱਡੀ ਕੁਰਬਾਨੀ ਕੀਤੀ ਹੈ। ਉਹਨਾਂ ਇਹ ਵੀ ਕਿਹਾ ਕਿ ਅਖੌਤੀ ਪੰਥਕ ਬਾਦਲ ਸਰਕਾਰ ਦੇ ਰਾਜ ਵਿੱਚ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਤੇ ਕੁਝ ਦਿਨਾਂ ਬਾਅਦ ਹੀ ਇਸ ਦੁਸ਼ਟ ਔਰਤ ਨੂੰ ਜਮਾਨਤ ਦੇ ਦਿੱਤੀ ਗਈ ਸੀ, ਫਿਰ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਜਸਪ੍ਰੀਤ ਸਿੰਘ ਨੇ ਆਪਣਾ ਪੰਥਕ ਫਰਜ ਨਿਭਾ ਕੇ ਇਸ ਨੂੰ ਸੋਧਿਆ ਸੀ, ਪੁਲਸ ਨੇ ਇਹਨਾਂ ਦੋਵਾਂ ਸਿੰਘਾਂ ਉੱਤੇ ਬੇਤਹਾਸ਼ਾ ਤਸ਼ੱਦਦ ਕੀਤਾ ਸੀ। ਉਹਨਾਂ ਕਿਹਾ ਕਿ ਸਰਕਾਰਾਂ ਬੇਅਦਬੀਆਂ ਦਾ ਇਨਸਾਫ ਦੇਣ ਵਿੱਚ ਅਸਫਲ ਰਹੀਆਂ ਸਨ, ਤਾਂ ਹੀ ਖਾਲਸਾਈ ਪ੍ਰੰਪਰਾਵਾਂ ਅਨੁਸਾਰ ਇਹਨਾਂ ਸਿੰਘਾਂ ਨੇ ਖੁਦ ਇਨਸਾਫ ਕੀਤਾ ਹੈ।
ਜ਼ਿਕਰਯੋਗ ਹੈ ਕਿ ਉਮਰ ਕੈਦੀ ਬੰਦੀ ਸਿੰਘ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣੇ ਦੇ ਪਿੰਡ ਘਵੱਦੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਦੇ ਕਤਲ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ ਹੈ। ਭਾਈ ਜਾਗੋਵਾਲ ਜੋ ਕੇਂਦਰੀ ਜੇਲ੍ਹ ਫਰੀਦਕੋਟ ਵਿਚ ਕੈਦ ਸੀ। ਇਸ ਕੇਸ ਵਿਚ ਗੁਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਉਮਰ ਕੈਦ ਸੁਣਾਈ ਗਈ ਸੀ। ਭਾਈ ਜਸਪ੍ਰੀਤ ਸਿੰਘ ਨਿਹਾਲ ਨੂੰ ਪਹਿਲਾਂ ਹੀ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਸੀ ਅਤੇ ਗੁਰਪ੍ਰੀਤ ਸਿੰਘ ਵੀ ਹੁਣ ਰਿਹਾਅ ਹੋ ਚੁੱਕਾ ਹੈ। ਗੁਰਪ੍ਰੀਤ ਸਿੰਘ ਨੂੰ ਜੁਲਾਈ 2016 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
Author: Gurbhej Singh Anandpuri
ਮੁੱਖ ਸੰਪਾਦਕ