ਚੰਡੀਗੜ 30 ਜੂਨ ( ਤਾਜੀਮਨੂਰ ਕੌਰ ) ਮੁੱਖ ਮੰਤਰੀ ਭਗਵਤ ਮਾਨ ਅਤੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਵਲੋਂ ਪੰਜਾਬ ‘ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਚ ਅੱਜ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਕੁੱਦ ਪਿਆ ਹੈ |
ਗਾਇਕ ਗੁਰਦਾਸ ਮਾਨ ਨੇ ਪੰਜਾਬੀਆਂ ਦੇ ਨਾਮ ਸੰਦੇਸ਼ ਵਿੱਚ ਕਿਹਾ ਕਿ ਨਸ਼ਿਆਂ ਨੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ ਅਤੇ ਇਸ ਨੂੰ ਪੰਜਾਬ ਵਿੱਚੋਂ ਖਤਮ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
ਡੀ.ਜੀ.ਪੀ ਗੌਰਵ ਯਾਦਵ ਨੇ ਗਾਇਕ ਗੁਰਦਾਸ ਮਾਨ ਦਾ ਭਾਵੁਕ ਹੁੰਦਿਆਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਨਸ਼ਿਆਂ ਦੀ ਚੇਨ ਨੂੰ ਤੋੜਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਾਂਝੇ ਯਤਨਾਂ ਸਦਕਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਵਿੱਚ ਕਾਮਯਾਬ ਹੋਵਾਂਗੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਪਵੇਗਾ। ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੁਲਿਸ ਲਈ ਮਿੱਥੇ ਗਏ ਟੀਚਿਆਂ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਇਸ ਵਿੱਚ ਸਮੂਹ ਲੋਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹੋਰ ਗਾਇਕ ਵੀ ਅੱਗੇ ਆ ਕੇ ਨਸ਼ਾ ਮੁਕਤ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਵਿੱਚ ਆਪਣਾ ਯੋਗਦਾਨ ਪਾਉਣਗੇ।
Author: Gurbhej Singh Anandpuri
ਮੁੱਖ ਸੰਪਾਦਕ