ਅੰਮ੍ਰਿਤਸਰ, 11 ਜੁਲਾਈ ( ਤਾਜੀਮਨੂਰ ਕੌਰ ) ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਅਤੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰਠਾਣਾ ਮੋੜ, ਆਰ ਐਸ ਐਸ ਪੁਰਾ, ਜੰਮੂ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਸਿੱਖ ਨੌਜਵਾਨ ਸਭਾ ਵੱਲੋਂ ਸੱਤ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ, ਸਿੱਖ ਪ੍ਰਚਾਰਕ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ (ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ), ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਜੀ, ਗੁਰਦੁਆਰਾ ਸੰਤਪੁਰਾ ਡੰਨਾ ਜੰਮੂ ਦੇ ਹਜ਼ੂਰੀ ਰਾਗੀ ਭਾਈ ਜਗੀਰ ਸਿੰਘ ਜੀ, ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਤਰਨਜੀਤ ਸਿੰਘ ਜੀ, ਸਿੰਬਲ ਕੈਂਪ ਦਾ ਪ੍ਰਸਿੱਧ ਜਥਾ ਭਾਈ ਗਗਨਦੀਪ ਸਿੰਘ ਜੀ ਤੇ ਹੋਰ ਜਥਿਆਂ ਨੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਨੌਜਵਾਨ ਆਗੂ ਭਾਈ ਮਨਜੀਤ ਸਿੰਘ ਜੰਮੂ ਨੇ ਜੱਥਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਆਪਣੇ ਜੋਸ਼ੀਲੇ ਵਿਚਾਰਾਂ ਰਾਹੀਂ ਸਿੱਖ ਨੌਜਵਾਨਾਂ ਅਤੇ ਸੰਗਤਾਂ ਨੂੰ ਹਲੂਣਿਆਂ। ਉਹਨਾਂ ਨੇ ਸੰਗਤਾਂ ਨੂੰ ਅੰਮ੍ਰਿਤਧਾਰੀ, ਕੇਸਾਧਾਰੀ ਅਤੇ ਸ਼ਸਤਰਧਾਰੀ ਹੋਣ ਦਾ ਹੋਕਾ ਵੀ ਦਿੱਤਾ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਮਹਾਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਸੰਤ ਭਿੰਡਰਾਂਵਾਲਿਆਂ ਨੇ ਬਾਬਾ ਦੀਪ ਸਿੰਘ ਅਤੇ ਬਾਬਾ ਗੁਰਬਖਸ਼ ਸਿੰਘ ਵਾਂਗ ਹੀ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਜਮਤ ਦੀ ਰਾਖੀ ਲਈ ਜੂਝ ਕੇ ਸ਼ਹਾਦਤ ਦਾ ਜਾਮ ਪੀਤਾ ਅਤੇ ਚਮਕੌਰ ਦੀ ਗੜੀ ਵਾਲਾ ਸ਼ਾਨਾਮੱਤਾ ਇਤਿਹਾਸ ਦੁਹਰਾਇਆ ਜਿਸ ਦੀ ਬਦੌਲਤ ਅਸੀਂ ਅਣਖ ਅਤੇ ਸਵੈਮਾਣ ਨਾਲ ਜਿਉਂਦੇ ਹਾਂ। ਉਹਨਾਂ ਕਿਹਾ ਕਿ 1849 ਤੋਂ ਜਦੋਂ ਦਾ ਸਿੱਖ ਰਾਜ ਦਾ ਸੂਰਜ ਡੁੱਬਿਆ, ਸਾਡੇ ਨਾਲ ਲਗਾਤਾਰ ਜ਼ੁਲਮ ਅਤੇ ਵਿਤਕਰੇ ਹੋ ਰਹੇ ਨੇ, 1947 ਵਿੱਚ ਅਸੀਂ ਇੱਕ ਗੁਲਾਮੀ ਤੋਂ ਦੂਜੀ ਗੁਲਾਮੀ ਵਿੱਚ ਫਸ ਗਏ। ਉਹਨਾਂ ਇਹ ਵੀ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅਤੇ ਸੰਤ ਜਰਨੈਲ ਸਿੰਘ ਇੱਕ ਰੂਪ ਹੀ ਸਨ। ਸੰਤ ਭਿੰਡਰਾਂਵਾਲਿਆਂ ਦੇ ਹੱਥ ਵਿੱਚ ਫੜਿਆ ਤੀਰ ਸਾਨੂੰ ਉਹਨਾਂ ਤੀਰਾਂ ਦੀ ਯਾਦ ਦਿਵਾਉਂਦਾ ਹੈ ਜੋ ਦਸਵੇਂ ਪਾਤਸ਼ਾਹ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਬਖਸ਼ੇ ਸਨ। ਬਾਬਾ ਬੰਦਾ ਸਿੰਘ ਬਹਾਦਰ ਅਤੇ ਸੰਤ ਜਰਨੈਲ ਸਿੰਘ ਦੋਵਾਂ ਦੀ ਸ਼ਹਾਦਤ ਜੂਨ ਮਹੀਨੇ ਵਿੱਚ ਹੋਈ ਅਤੇ ਦੋਨਾਂ ਨੇ ਖਾਲਸਾ ਰਾਜ ਦੀ ਆਜ਼ਾਦੀ ਲਈ ਸੰਘਰਸ਼ ਕੀਤਾ। ਅਗਲੇ ਦਿਨ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਹੋਇਆ ਤੇ ਬੇਅੰਤ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਇਸ ਮੌਕੇ ਬੀਬਾ ਕਮਲਜੀਤ ਕੌਰ ਨਿਹੰਗ, ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਭਾਈ ਮਲਕੀਤ ਸਿੰਘ, ਭੁਝੰਗੀ ਗੁਰਪੰਥ ਪ੍ਰਥਮ ਸਿੰਘ ਅਤੇ ਗੁਰਬਾਜ ਸਿੰਘ ਆਦਿ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ