ਅੰਮ੍ਰਿਤਸਰ 2 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਪੰਥਕ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਸਾਰਿਆਂ ਦੇ ਗ਼ਲਾਂ ਵਿੱਚ ਤਖ਼ਤੀ ਵੀ ਪਾਈ ਗਈ। ਉਥੇ ਹੀ ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫਖ਼ਰ-ਏ-ਕੌਮ ਖਿਤਾਬ ਵਾਪਸ ਲਏ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੇ ਇਲਾਵਾ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਤਿੰਨ ਦਿਨਾਂ ਵਿੱਚ ਮਨਜ਼ੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਥੇ ਹੀ ਗਿਆਨੀ ਰਘਬੀਰ ਸਿੰਘ ਨੇ ਸਾਬਕਾ ਜਥਦੇਰਾ ਗਿਆਨੀ ਗੁਰਬਚਨ ਸਿੰਘ ਨੂੰ ਲੈ ਕੇ ਵੀ ਵੱਡਾ ਫ਼ੈਸਲਾ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਨੂੰ ਦਿੱਤੀਆਂ ਗਈਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ ਅਤੇ ਉਨ੍ਹਾਂ ਦੇ ਜਨਤਕ ਸਮਾਗਮਾਂ ʼਤੇ ਬੋਲਣ ʼਤੇ ਵੀ ਰੋਕ ਲਗਾਈ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨਾਂ ਵੱਲੋਂ SGPC ਨੂੰ ਆਦੇਸ਼ ਦਿੱਤੇ ਗਏ ਹਨ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਲ 2015 ਵਿੱਚ ਜੋ ਆਗੂ ਕੈਬਨਿਟ ਮੈਂਬਰ ਰਹੇ ਹਨ, ਉਨ੍ਹਾਂ ਲਈ ਵੀ ਸਜ਼ਾ ਲਗਾਈ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੇ ਸੁਖਬੀਰ ਸਿੰਘ ਦੇ ਨਾਲ ਆਪਣੇ ਗੁਨਾਹ ਕਬੂਲ ਕੀਤੇ ਹਨ, ਉਨ੍ਹਾਂ ਵਿੱਚ ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹਨ।
Author: Gurbhej Singh Anandpuri
ਮੁੱਖ ਸੰਪਾਦਕ