ਅੰਮ੍ਰਿਤਸਰ, 5 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰੂ ਸਾਹਿਬ ਦੇ ਪਿਆਰੇ ਸਿੱਖਾਂ ਨੂੰ ਕਈ ਤਰ੍ਹਾਂ ਦੇ ਐਸ਼ੋ-ਆਰਾਮ ਅਤੇ ਜਗੀਰਾਂ ਦੇ ਲਾਲਚ ਦਿੱਤੇ ਗਏ, ਪਰੰਤੂ ਇਨ੍ਹਾਂ ਵਿਚੋਂ ਕੋਈ ਵੀ ਸਿੱਖੀ ਸਿਦਕ ਤੋਂ ਨਹੀਂ ਡੋਲਿਆ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਹੇ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੂੰ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮਾਂ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ