ਅੰਮ੍ਰਿਤਸਰ, 23 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪ੍ਰੈੱਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਸਲਾਨਾ ਸ਼ਹੀਦੀ ਸਮਾਗਮ ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹਿੰਦ ਦੇ ਗੁਰਦੁਆਰਾ ਸਿੰਘ ਸਭਾ, ਪ੍ਰੀਤ ਨਗਰ ਵਿਖੇ ਸਰਦਾਰ ਐੱਮ.ਐੱਸ. ਮੁਲਤਾਨੀ (ਨਿਊਯਾਰਕ) ਦੇ ਸਹਿਯੋਗ ਨਾਲ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਵੱਲੋਂ 23 ਦਸੰਬਰ 2024 ਨੂੰ ਸ਼ਰਧਾ-ਭਾਵਨਾ ਤੇ ਸਤਿਕਾਰ ਸਹਿਤ ਕਰਵਾਇਆ ਜਾਏਗਾ, ਜਿਸ ਵਿੱਚ ਮੌਜੂਦਾ ਸੰਘਰਸ਼ ਦੇ 20 ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਜਿਹੜੇ ਜੁਝਾਰੂ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਧਾਮਾਂ ਦੀ ਪਵਿੱਤਰਤਾ ਦੀ ਰਾਖੀ, ਪੰਥ ਦੀ ਚੜ੍ਹਦੀ ਕਲਾ, ਬਾਣੀ-ਬਾਣੇ ਦੀ ਸਲਾਮਤੀ ਅਤੇ ਕੌਮੀ ਘਰ ਖਾਲਿਸਤਾਨ ਦੀ ਅਜ਼ਾਦੀ ਲਈ ਆਪਾ ਵਾਰ ਗਏ ਉਹਨਾਂ ਦੇ ਘਰਾਂ-ਪਰਿਵਾਰਾਂ ਦੀ ਸਾਰ ਲੈਣੀ ਸਾਡਾ ਕੌਮੀ ਫਰਜ਼ ਹੈ। ਉਹਨਾਂ ਕਿਹਾ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ ਅਤੇ ਨਿਸ਼ਾਨੇ ਉੱਤੇ ਦ੍ਰਿੜਤਾ ਨਾਲ ਪਹਿਰਾ ਦੇਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ।
Author: Gurbhej Singh Anandpuri
ਮੁੱਖ ਸੰਪਾਦਕ