ਪਰਮਜੀਤ ਮੰਡ, ਜਸਕਰਨ ਸਿੰਘ, ਗੁਰਦੀਪ ਬਠਿੰਡਾ ਤੇ ਪੰਜੋਲੀ ਵੀ ਗ੍ਰਿਫ਼ਤਾਰ
ਅੰਮ੍ਰਿਤਸਰ, 7 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਪੰਜਾਬ ਪੁਲਿਸ ਨੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ ਬੰਦੀ ਸਿੰਘ ਰਿਹਾਈ ਮੋਰਚੇ ਵਿੱਚ ਮੋਹਾਲੀ ਜਾਣ ਤੋਂ ਰੋਕਣ ਲਈ ਉਹਨਾਂ ਦੇ ਘਰਾਂ ਵਿੱਚ ਪੁਲਿਸ ਛਾਪੇਮਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਦਲ ਖਾਲਸਾ ਦੇ ਆਗੂ ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ (ਨਜ਼ਰਬੰਦ ਡਿਬਰੂਗੜ੍ਹ ਜੇਲ੍ਹ) ਦੇ ਪਿਤਾ ਤਰਸੇਮ ਸਿੰਘ ਸਮੇਤ ਅਨੇਕਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਮੋਰਚੇ ਵਿੱਚ ਜਾ ਰਹੇ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੁਖੀ ਪ੍ਰੋਫੈਸਰ ਬਲਜਿੰਦਰ ਸਿੰਘ, ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਹਰਜੀਤ ਸਿੰਘ ਮੀਆਂਪੁਰ, ਨਰਿੰਦਰ ਸਿੰਘ ਕਾਲਾਬੂਲਾ ਦੇ ਘਰਾਂ ਵਿੱਚ ਵੀ ਪੁਲਿਸ ਗਈ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਉੱਤੇ ਪੁਲਿਸ ਨੇ ਪੰਜਾਬ ਭਰ ਵਿੱਚ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ, ਕਈਆਂ ਨੂੰ ਘਰਾਂ ‘ਚ ਨਜ਼ਰਬੰਦ ਅਤੇ ਕਈ ਆਗੂਆਂ ਨੂੰ ਥਾਣੇ ਲਿਜਾਇਆ ਗਿਆ। ਇਹ ਪੁਲਿਸ ਛਾਪੇਮਾਰੀ ਦੇਰ ਰਾਤ ਅਤੇ ਤੜਕਸਾਰ ਹੋਈ। ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ, ਉਸ ਸੰਬੰਧ ਵਿੱਚ ਮੋਰਚਾ ਹੋਰ ਭਖਾਉਣ ਲਈ ਮੋਰਚੇ ਦੇ ਪ੍ਰਬੰਧਕਾਂ ਵੱਲੋਂ ਅੱਜ ਮੋਰਚੇ ਵਿੱਚ ਇਕੱਠ ਸੱਦਿਆ ਗਿਆ ਸੀ।
ਪੁਲਿਸ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ, ਅਕਾਲੀ ਦਲ ਫਤਿਹ ਦੇ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ, ਭਾਈ ਗੁਰਦੀਪ ਸਿੰਘ ਬਠਿੰਡਾ ਸਮੇਤ ਕਈ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਦੇ 34 ਸੈਕਟਰ ਥਾਣੇ ਵਿੱਚ ਹਿਰਾਸਤ ਵਿੱਚ ਰੱਖਿਆ ਗਿਆ। ਪੁਲੀਸ ਨੇ ਸ਼ਾਂਤਮਈ ਮਾਰਚ ਕਰ ਰਹੀ ਸੰਗਤ ਉੱਤੇ ਲਾਠੀਚਾਰਜ ਕੀਤਾ, ਪੁਲੀਸ ਨੇ ਧੱਕੇ ਮਾਰੇ ਅਤੇ ਬਹੁਤ ਸਾਰੇ ਸਿੰਘਾਂ ਦੀਆਂ ਦਸਤਾਰਾਂ ਵੀ ਲਾਹੀਆਂ। ਕਈ ਸਿੰਘਾ ਦੇ ਸੱਟਾਂ ਵੀ ਲੱਗੀਆਂ ਅਤੇ ਵੱਡੀ ਗਿਣਤੀ ਵਿੱਚ ਸਿੰਘਾਂ ਤੇ ਸੰਗਤਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ ਆਦਿ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਦੋ ਸਾਲਾਂ ਤੋਂ ਮੋਰਚਾ ਚੱਲ ਰਿਹਾ ਹੈ।
Author: Gurbhej Singh Anandpuri
ਮੁੱਖ ਸੰਪਾਦਕ