11 Views
ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਕਰਨ ਜਥੇਦਾਰ ਰਘਬੀਰ ਸਿੰਘ : ਭਾਈ ਗੋਪਾਲਾ/ਰਣਜੀਤ ਸਿੰਘ
ਅੰਮ੍ਰਿਤਸਰ, 24 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਅਕਾਲੀ ਦਲ ਬਾਦਲ ਵੱਲੋਂ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਨੂੰ ਨਿਸ਼ਾਨਾ ਬਣਾਏ ਜਾਣ ‘ਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਮੌਜੂਦਾ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਬਾਦਲ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹੁਣ ਦੁਬਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਇਹ ਤਖ਼ਤ ਸਾਹਿਬ ਦੀ ਹੇਠੀ ਕਰਨ ਤੋਂ ਬਾਜ ਨਹੀਂ ਆ ਰਹੇ ਤੇ ਗ਼ਲਤੀ ਉੱਤੇ ਗ਼ਲਤੀ ਕਰੀ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਮਹੇਸ਼ਇੰਦਰ ਸਿੰਘ ਗਰੇਵਾਲ ਬੀਬੀ ਸਤਵੰਤ ਕੌਰ ਵਿਰੁੱਧ ਬੋਲ ਚੁੱਕਾ ਹੈ।
ਫੈਡਰੇਸ਼ਨ ਆਗੂਆਂ ਨੇ ਕਿਹਾ ਕਿ 2 ਦਸੰਬਰ 2024 ਨੂੰ ਜਥੇਦਾਰ ਸਾਹਿਬਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਲਈ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਵਿੱਚ ਬੀਬੀ ਸਤਵੰਤ ਕੌਰ ਦਾ ਨਾਮ ਸ਼ਾਮਲ ਕੀਤਾ ਸੀ। ਬਾਦਲ ਦਲ ਇਸ ਗੱਲ ਤੋਂ ਭਲੀਭਾਂਤ ਜਾਣੂੰ ਹੋਣਾ ਚਾਹੀਦਾ ਹੈ ਕਿ ਅਕਾਲੀ ਦਲ ਦੀ ਅਗਵਾਈ ਕਰਨ ਦਾ ਫੈਸਲਾ ਬੀਬੀ ਸਤਵੰਤ ਕੌਰ ਦਾ ਨਿੱਜੀ ਨਹੀਂ, ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੌਂਪੀ ਹੋਈ ਜ਼ਿੰਮੇਵਾਰੀ ਹੈ ਤਾਂ ਜੋ ਕੁਰਬਾਨੀਆਂ ਅਤੇ ਸ਼ਹਾਦਤਾਂ ਨਾਲ ਹੋਂਦ ਵਿੱਚ ਆਏ ਅਕਾਲੀ ਦਲ ਦੀ ਹੋਂਦ ਨੂੰ ਬਚਾਇਆ ਜਾ ਸਕੇ, ਇਸ ਵਿੱਚੋਂ ਅਯੋਗ ਲੀਡਰਸ਼ਿਪ ਨੂੰ ਹਟਾ ਕੇ ਕੁਰਬਾਨੀ ਵਾਲੇ ਅਤੇ ਇਮਾਨਦਾਰ ਤੇ ਪੰਥਪ੍ਰਸਤ ਸ਼ਖ਼ਸੀਅਤਾਂ ਨੂੰ ਅੱਗੇ ਲਿਆ ਕੇ ਅਕਾਲੀ ਦਲ ਵਿੱਚ ਲੋਕਾਂ ਦੇ ਭਰੋਸਗੀ ਪੈਦਾ ਕੀਤੀ ਜਾ ਸਕੇ।
ਦੋਵਾਂ ਆਗੂਆਂ ਨੇ ਕਿਹਾ ਕਿ ਬਾਦਲ ਦਲ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਨੂੰ ਨਹੀਂ ਮੰਨ ਰਿਹਾ ਤੇ ਉਲਟਾ ਹਰ ਢੰਗ ਵਰਤ ਕੇ ਜਥੇਦਾਰਾਂ ਉੱਤੇ ਦਬਾਅ ਬਣਾਉਣ ਦੀਆਂ ਚਾਲਾਂ ਚੱਲ ਰਿਹਾ ਹੈ ਤੇ ਸੱਤ ਮੈਂਬਰੀ ਕਮੇਟੀ ਨੂੰ ਮੰਨਣ ਤੋਂ ਪੂਰੀ ਤਰ੍ਹਾਂ ਇਨਕਾਰੀ ਹੈ। ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਤੋਂ ਅਸਤੀਫ਼ਾ ਦੇਣ ਦੀਆਂ ਗੱਲਾਂ ਕਰਨ ਵਾਲੇ ਪਹਿਲਾਂ ਖੁਦ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜੂਰ ਕਰਨ ਨੂੰ ਤਿਆਰ ਨਹੀਂ ਸਨ।
ਫੈਡਰੇਸ਼ਨ ਆਗੂਆਂ ਨੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਜਵਾਬ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਸ਼੍ਰੋਮਣੀ ਕਮੇਟੀ ਦਾ ਅਧਿਕਾਰੀ ਅਕਾਲੀ ਦਲ ਦਾ ਆਗੂ ਨਹੀਂ ਬਣ ਸਕਦਾ ਤਾਂ ਸ਼੍ਰੋਮਣੀ ਕਮੇਟੀ ਦੇ ਹੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਦਲ ਦਲ ਦੀਆਂ ਰੈਲੀਆਂ, ਮੀਟਿੰਗਾਂ ਤੇ ਹੋਰ ਪ੍ਰੋਗਰਾਮਾਂ ‘ਚ ਕਿਉਂ ਜਾਂਦੇ ਹਨ ? ਸ਼੍ਰੋਮਣੀ ਕਮੇਟੀ ਦੇ ਕੰਮਾਂ ਵਿੱਚ ਦਖਲਅੰਦਾਜੀ ਕਿਉਂ ਕਰਦੇ ਹਨ ? ਬਾਦਲ ਦਲ ਸ਼੍ਰੋਮਣੀ ਕਮੇਟੀ ਤੇ ਗੁਰਧਾਮਾਂ ਤੋਂ ਆਪਣਾ ਕਬਜ਼ਾ ਛੱਡੇ ? ਤੁਸੀਂ ਸ਼੍ਰੋਮਣੀ ਕਮੇਟੀ ਦੇ ਦਫਤਰਾਂ ਵਿੱਚ ਮੀਟਿੰਗਾਂ ਕਿਉਂ ਕਰਦੇ ਹੋ, ਰੈਲੀਆਂ ਚ ਲੰਗਰ ਕਿਉਂ ਮੰਗਵਾਉਂਦੇ ਹੋ ? ਸਿਰਸੇ ਵਾਲੇ ਦੀ ਮਾਫੀ ਸਹੀ ਠਹਿਰਾਉਣ ਲਈ 95 ਲੱਖ ਰੁਪਏ ਦੇ ਇਸ਼ਤਿਹਾਰ ਸ਼੍ਰੋਮਣੀ ਕਮੇਟੀ ਤੋਂ ਕਿਉਂ ਦਿਵਾਏ ? ਬਾਦਲ ਦਲ ਦੀ ਮਜ਼ਬੂਤੀ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਪਿਛਲੇ ਦਿਨੀਂ ਮੀਟਿੰਗਾਂ ਕਿਉਂ ਕੀਤੀਆਂ ?
ਉਹਨਾਂ ਇਹ ਵੀ ਕਿਹਾ ਕਿ ਡਾ. ਦਲਜੀਤ ਸਿੰਘ ਚੀਮਾ ਜਾਂ ਸੁਖਬੀਰ ਸਿੰਘ ਬਾਦਲ ਕੌਣ ਹੁੰਦਾ ਹੈ ਬੀਬੀ ਸਤਵੰਤ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਜਾਂ ਸਵਾਗਤ ਕਰਨ ਦੀਆਂ ਗੱਲਾਂ ਕਹਿਣ ਵਾਲਾ। ਜਦਕਿ ਸ਼੍ਰੋਮਣੀ ਅਕਾਲੀ ਦਲ ਖ਼ਾਲਸਾ ਪੰਥ ਦੀ ਜਥੇਬੰਦੀ ਹੈ, ਇਹ ਬਾਦਲਾਂ ਦੀ ਨਿੱਜੀ ਜਗੀਰ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਰਵਉੱਚ ਹੈ ਜਿਸ ਵਿੱਚ ਅਕਾਲੀ ਦਲ ਦੀ ਅਗਵਾਈ ਲਈ ਬੀਬੀ ਸਤਵੰਤ ਕੌਰ ਦਾ ਨਾਮ ਦਰਜ ਹੈ। ਫੈਡਰੇਸ਼ਨ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖਿਲਾਫ ਬਿਆਨਬਾਜ਼ੀ ਕਰਨ ਵਾਲੇ ਬਾਦਲ ਦੇ ਆਗੂਆਂ ਨੂੰ ਕਰੜੇ ਹੱਥੀਂ ਲੈਣ ਤੇ ਇਹਨਾਂ ਨੂੰ ਤੁਰੰਤ ਤਲਬ ਕਰਨ। ਉਹਨਾਂ ਇਹ ਵੀ ਕਿਹਾ ਕਿ ਜੇਕਰ ਬਾਦਲ ਦਲ ਦੇ ਆਗੂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਨਾ ਆਏ ਤਾਂ ਖ਼ਾਲਸਾ ਪੰਥ ਇਹਨਾਂ ਖਿਲਾਫ਼ ਸੰਘਰਸ਼ ਵਿੱਢੇਗਾ।
Author: Gurbhej Singh Anandpuri
ਮੁੱਖ ਸੰਪਾਦਕ