ਪੰਜਾਬ ਕਾਂਗਰਸ ‘ਚ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕੁੱਝ ਸਮੇਂ ਲਈ ਸ਼ਾਂਤ ਹੋਈ ਬਗਾਵਤ ਦੀ ਚੰਗਿਆੜੀ ਹੁਣ ਭਾਂਬੜ ਬਣ ਕੇ ਬਾਹਰ ਆਈ ਹੈ। ਨਵਜੋਤ ਸਿੱਧੂ ਦੇ ਸਮਰਥਨ ‘ਚ ਖੁੱਲ੍ਹ ਕੇ ਸਾਹਮਣੇ ਆਏ ਕੈਪਟਨ ਵਿਰੋਧੀ ਧੜੇ ਨੇ ਮੁੱਖ ਮੰਤਰੀ ਖ਼ਿਲਾਫ਼ ਖੁੱਲ੍ਹੇ ਤੌਰ ‘ਤੇ ਜੰਗ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਚੱਲਦੇ ਅੱਜ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਲਗਭਗ 32 ਵਿਧਾਇਕਾਂ/ਮੰਤਰੀਆਂ ਦੀ ਬੈਠਕ ਹੋਈ। ਇਸ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਸ਼ਰੇਆਮ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਦੀ ਮੌਜੂਦਾ ਲੀਡਰਸ਼ਿਪ ‘ਤੇ ਭਰੋਸਾ ਨਹੀਂ ਹੈ, ਇਸੇ ਲਈ ਅੱਜ ਦੀ ਇਹ ਮੀਟਿੰਗ ਬੁਲਾਈ ਗਈ ਹੈ। ਮੰਤਰੀ ਚਰਨਜੀਤ ਚੰਨੀ ਨੇ ਇਥੋਂ ਤੱਕ ਆਖ ਦਿੱਤਾ ਕਿ ਉਨ੍ਹਾਂ ਦੇ ਮਸਲੇ ਇਸ ਮੁੱਖ ਮੰਤਰੀ ਤੋਂ ਹੱਲ ਹੋਣ ਵਾਲੇ ਨਹੀਂ ਹਨ, ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ 2017 ਦੀਆਂ ਚੋਣਾਂ ਸਮੇਂ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚੋਂ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਪਰ ਜਿਹੜੇ ਮਸਲਿਆਂ ਕਾਰਣ ਵਿਰੋਧੀਆਂ ਨਾਲ ਟਕਰਾਅ ਹੁੰਦਾ ਹੈ, ਉਹ ਅਜੇ ਤਕ ਪੂਰੇ ਨਹੀਂ ਕੀਤੇ ਗਏ ਹਨ। ਖਾਸ ਤੌਰ ‘ਤੇ ਬਰਗਾੜੀ, ਨਸ਼ਿਆਂ ਦੇ ਮਸਲੇ, ਨਸ਼ੇ ਦੇ ਸੌਦਾਗਰਾਂ ਨੂੰ ਫੜਨਾ, ਬਿਜਲੀ ਦੇ ਸਮਝੌਤਿਆਂ ਦਾ ਮਸਲਾ, ਰੇਤ ਮਾਫ਼ੀਆ ਅਤੇ ਦਲਿਤ ਮੁੱਦੇ ਜਿਨ੍ਹਾਂ ‘ਤੇ ਕਾਰਵਾਈ ਨਹੀਂ ਹੋ ਰਹੀ ਹੈ। ਚੰਨੀ ਨੇ ਕਿਹਾ ਕਿ ਇਹ ਵਾਅਦੇ ਪੂਰੇ ਕਰਨ ਤੋਂ ਘੱਟ ਉਨ੍ਹਾਂ ਨੂੰ ਕੁੱਝ ਵੀ ਮਨਜ਼ੂਰ ਨਹੀਂ ਹੈ। ਚੰਨੀ ਨੇ ਕਿਹਾ ਕਿ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਪੰਜ ਮੈਂਬਰੀ ਟੀਮ ਬਣਾਈ ਗਈ ਹੈ। ਇਸ ਵਿਚ ਚਾਰ ਮੰਤਰੀ ਅਤੇ ਇਕ ਵਿਧਾਇਕ ਹੈ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਪਰਗਟ ਸਿੰਘ ਵਲੋਂ ਹਾਈਕਮਾਨ ਨਾਲ ਮੁਲਾਕਾਤ ਕਰਕੇ ਮੌਜੂਦਾ ਹਾਲਾਤ ‘ਤੇ ਚਰਚਾ ਕੀਤੀ ਜਾਵੇਗੀ ਅਤੇ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ।
ਮੀਟਿੰਗ ਉਪਰੰਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਸਭ ਤੋਂ ਉਪਰ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਦੀ ਕੁਰਸੀ ਜਾਣ ਦਾ ਡਰ ਨਹੀਂ ਹੈ ਪਰ ਜਿਹੜੇ ਮਸਲੇ ਵਿਚਾਰੇ ਗਏ ਹਨ, ਉਨ੍ਹਾਂ ਦਾ ਹੱਲ ਹੋਣਾ ਚਾਹੀਦਾ ਹੈ। ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਤੁੱਟ ਅੰਗ ਹੈ। ਕਸ਼ਮੀਰ ਲਈ ਕਾਂਗਰਸ ਨੇ ਸਭ ਤੋਂ ਵੱਧ ਲੜਾਈ ਲੜੀ, ਜੇ ਕਿਸੇ ਨੇ ਬਿਆਨ ਦਿੱਤਾ ਹੈ ਤਾਂ ਉਹ ਉਸ ਦਾ ਨਿੱਜੀ ਬਿਆਨ ਹੋ ਸਕਦਾ ਹੈ ਜੋ ਐਂਟੀ ਨੈਸ਼ਨਲ ਹੈ।
ਉਧਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਹੁਤ ਸਮੇਂ ਤੋਂ ਚੁੱਪ ਸਨ ਪਰ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਨ ਕੋਈ ਫ਼ੈਸਲਾ ਨਹੀਂ ਲੈਂਦੀ ਹੈ ਤਾਂ ਉਹ ਅਗਾਂਹ ਦੀ ਰਣਨੀਤੀ ਉਲੀਕਣਗੇ।
Author: Gurbhej Singh Anandpuri
ਮੁੱਖ ਸੰਪਾਦਕ