ਤਰਨਤਾਰਨ 5 ਸਤੰਬਰ (ਡਾਕਟਰ ਜਗਜੀਤ ਸਿੰਘ ਬੱਬੂ)
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਵਰਚੂਅਲ ਕਮ ਆਫਲਾਈਨ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 80 ਅਧਿਆਪਕਾਂ/ਅਧਿਕਾਰੀਆਂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ 36 ਅੱਪਰ ਪ੍ਰਾਇਮਰੀ ਅਧਿਆਪਕਾਂ ਨੂੰ, 22 ਪ੍ਰਾਇਮਰੀ ਅਧਿਆਪਕਾਂ ਨੂੰ ਰਾਜ ਪੁਰਸਕਾਰ, 6 ਅੱਪਰ ਪ੍ਰਾਇਮਰੀ ਤੇ 5 ਪ੍ਰਾਇਮਰੀ ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 11 ਸਿੱਖਿਆ ਅਧਿਕਾਰੀਆਂ ਨੂੰ ਪ੍ਰਬੰਧਕੀ ਰਾਜ ਪੁਰਸਕਾਰ ਦਿੱਤੇ ਗਏ।
ਜ਼ਿਲ੍ਹਾ ਤਰਨਤਾਰਨ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰੱਖੇ ਸਨਮਾਨ ਸਮਾਰੋਹ ਦੌਰਾਨ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤਰਨਤਾਰਨ ਅਤੇ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਸੰਬੋਧਨ ਕਰਦਿਆਂ ਕਿਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਹੀ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਅਧਿਆਪਕ ਵਰਗ ਨੂੰ ਅੱਜ ਦੇ ਸ਼ੁਭ ਦਿਹਾੜੇ ‘ਤੇ ਮੁਬਾਰਕਬਾਦ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦਾ ਅਜਿਹਾ ਸੂਬਾ ਹੈ ਜਿੱਥੇ ਪਾਰਦਰਸ਼ਤਾ ਨਾਲ ਅਧਿਆਪਕਾਂ ਤੇ ਅਧਿਕਾਰੀਆਂ ਦੀ ਭਰਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ ਤੇ ਖੇਡ ਨੀਤੀ ਲਾਗੂ ਕੀਤੀ ਗਈ ਹੈ। ਜਿਸ ਨਾਲ ਵਿਭਾਗ ਦੇ ਅਧਿਆਪਕਾਂ ‘ਚ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਦਾ ਜ਼ਜ਼ਬਾ ਵਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਸਦਕਾ ਪੰਜਾਬ ਜਿਸ ਤਰ੍ਹਾਂ ਹੋਰਨਾਂ ਖੇਤਰਾਂ ‘ਚ ਤਰੱਕੀਆਂ ਕਰ ਰਿਹਾ ਹੈ, ਉਸੇ ਤਰ੍ਹਾਂ ਹੀ ਸਿੱਖਿਆ ਦੇ ਖੇਤਰ ‘ਚ ਵੀ ਬੁਲੰਦੀਆਂ ਨੂੰ ਛੂਹ ਰਿਹਾ ਹੈ।
ਇਸ ਦੌਰਾਨ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਅਤੇ ਗੁਰਬਚਨ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤਰਨਤਾਰਨ ਨੇ ਸਮੂਹ ਅਧਿਆਪਕ ਵਰਗ ਨੂੰ ਵਧਾਈਆਂ ਦਿੱਤੀਆਂ ਤੇ ਵਿਭਾਗ ਦੀਆਂ ਪ੍ਰਾਪਤੀਆਂ, ਉੱਦਮਾਂ ਤੇ ਸਰਗਰਮੀਆਂ ਬਾਰੇ ਵਿਸਥਾਰ ‘ਚ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਵਿਭਾਗ ਦੇ ਅਧਿਕਾਰੀ ਤੇ ਅਧਿਆਪਕ ਹੋਰ ਵਧੇਰੇ ਸਖਤ ਮਿਹਨਤ ਸਦਕਾ ਰਾਜ ਦੀ ਸਕੂਲ ਸਿੱਖਿਆ ਨੂੰ ਬੁਲੰਦੀਆਂ ‘ਤੇ ਕਾਇਮ ਰੱਖਣਗੇ। ਇਸ ਦੌਰਾਨ ਜਸਵਿੰਦਰ ਸਿੰਘ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਨੂੰ ਸਿੱਖਿਆ ਦੇ ਖੇਤਰ ਵਿੱਚ ਕੀਤੇ ਬਿਹਤਰੀਨ ਉਪਰਾਲਿਆਂ ਲਈ ਸਟੇਟ ਪੱਧਰੀ ਪ੍ਰਬੰਧਕੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸੇ ਤਰ੍ਹਾਂ ਸੈਕੰਡਰੀ ਪੱਧਰ ਤੇ ਲਖਵਿੰਦਰ ਸਿੰਘ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਨੂੰ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜੇਤੂ ਅਧਿਕਾਰੀ ਅਤੇ ਅਧਿਆਪਕ ਸਾਹਿਬਾਨ ਵੱਲੋਂ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਹੋਰ ਵੀ ਜ਼ਿਆਦਾ ਮਿਹਨਤ ਅਤੇ ਦ੍ਰਿੜ੍ਹਤਾ ਨਾਲ ਕੰਮ ਕਰਦੇ ਰਹਿਣ ਦਾ ਸੰਕਲਪ ਲਿਆ ਗਿਆ।
Author: Gurbhej Singh Anandpuri
ਮੁੱਖ ਸੰਪਾਦਕ