ਕਪੂਰਥਲਾ/ਭੁਲੱਥ 7 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਇਪੁਰ ਪੀਰ ਬਖਸ਼ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੀ ਸਭਾ ਕਰਵਾਈ ਗਈ । ਜਿਸ ਦੌਰਾਨ ਗੁਰਬਾਣੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਸਭਾ ਦੀ ਅਰੰਭਤਾ ਬੱਚਿਆਂ ਵੱਲੋਂ ’ਧੁਰ ਕੀ ਬਾਣੀ ਆਈ’ ਸ਼ਬਦ ਉਚਾਰਨ ਕਰਕੇ ਕੀਤੀ ਗਈ। ਇਸ ਉਪਰੰਤ ਬੱਚਿਆਂ ਵੱਲੋਂ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਇਸਦੇ ਨਾਲ ਹੀ ਦਸਵੀਂ ਕਲਾਸ ਦੀ ਵਿਦਿਆਰਥਣ ਹਰਮੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਸਪੀਚ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਮੁੱਚੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਉਪਰੰਤ ਦਸਵੀਂ ਜਮਾਤ ਦੀ ਵਿਦਿਆਰਥਣ ਤਾਜੀਮਨੂਰ ਕੌਰ ਵੱਲੋ ਗੁਰਬਾਣੀ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਦੌਰਾਨ ਬੱਚਿਆਂ ਕੋਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ। ਇਸ ਮੁਕਾਬਲੇ ਵਿੱਚ ਅਭੈ ਹਾਊਸ ਨੇ ਪਹਿਲਾ ਅਤੁਲ ਹਾਊਸ ਨੇ ਦੂਸਰਾ ਅਤੇ ਅਜੈ ਹਾਊਸ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦੇ ਹੋਏ ਬਾਣੀ ਅਤੇ ਬਾਣੇ ਨਾਲ ਜੁੜੇ ਰਹਿਣ ਅਤੇ ਹਮੇਸ਼ਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੂ ਮੰਨਣ ਦੀ ਪ੍ਰੇਰਨਾ ਦਿੱਤੀ।