ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪ੍ਰੇਮੀ ਜੋੜੇ ਨੂੰ ਸੁਰੱਖਿਆ ਦੇਣ ਦਾ ਆਦੇਸ਼ ਦਿੱਤਾ ਹੈ ਜਿਸ ਵਿਚ ਇਕ 50 ਸਾਲਾ ਵਿਆਹੁਤਾ ਔਰਤ 30 ਸਾਲਾ ਨੌਜਵਾਨ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਰਹਿ ਰਹੀ ਹੈ। ਹਾਈ ਕੋਰਟ ਦਾ ਮੰਨਣਾ ਸੀ ਕਿ ਹਰੇਕ ਵਿਅਕਤੀ ਜੋ ਬਾਲਗ ਹੈ, ਉਸ ਨੂੰ ਆਪਣੀ ਪਸੰਦ ਦੇ ਵਿਅਕਤੀ ਨਾਲ ਰਹਿਣ ਦਾ ਅਧਿਕਾਰ ਹੈ।
ਕੋਰਟ ਨੇ ਕਿਹਾ ਕਿ ਜੀਵਨ ਅਤੇ ਆਜ਼ਾਦੀ ਦੀ ਸੁਰੱਖਿਆ ਭਾਰਤ ਦੇ ਸੰਵਿਧਾਨ ਦੀ ਬੁਨਿਆਦੀ ਵਿਸ਼ੇਸ਼ਤਾ ਹੈ। ਹਰੇਕ ਵਿਅਕਤੀ ਨੂੰ ਆਪਣੀ ਪਸੰਦ ਦੇ ਵਿਅਕਤੀ ਨਾਲ ਆਪਣਾ ਜੀਵਨ ਜਿਉਣ ਦਾ ਅਧਿਕਾਰ ਹੈ। ਹਾਈ ਕੋਰਟ ਨੇ ਕਿਹਾ ਕਿ ਪਹਿਲੀ ਨਜ਼ਰੇ ਜੇ ਉਸ ਨੂੰ ਲੱਗਦਾ ਹੈ ਕਿ ਰਿਸ਼ਤੇ ਤੋਂ ਨਾਖੁਸ਼ ਰਿਸ਼ਤੇਦਾਰ ਜਾਂ ਵਿਅਕਤੀ ਪਟੀਸ਼ਨਕਰਤਾਵਾਂ ਦੇ ਜੀਵਨ ਅਤੇ ਆਜ਼ਾਦੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਅਜਿਹੇ ਹਾਲਾਤ ਵਿਚ ਕੋਰਟ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਜ਼ਰੂਰੀ ਨਿਰਦੇਸ਼ ਪਾਸ ਕਰਨ ਦੀ ਜ਼ਰੂਰਤ ਹੁੰਦੀ ਹੈ। ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਇਹ ਆਦੇਸ਼ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ 50 ਸਾਲਾ ਔਰਤ ਅਤੇ 30 ਸਾਲਾ ਨੌਜਵਾਨ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ।
ਦੋਵਾਂ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਦੱਸਿਆ ਕਿ ਉਹ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਰਹਿੰਦੇ ਹਨ ਅਤੇ ਔਰਤ ਪਹਿਲਾਂ ਤੋਂ ਵਿਆਹੀ ਹੋਈ ਹੈ ਪਰ ਉਸ ਦਾ ਤਲਾਕ ਨਹੀਂ ਹੋਇਆ। ਕੋਰਟ ਨੂੰ ਦੱਸਿਆ ਗਿਆ ਕਿ ਪਟੀਸ਼ਨਕਰਤਾ ਔਰਤ ਆਪਣੇ ਪਤੀ ਤੋਂ ਤਲਾਕ ਲੈ ਕੇ ਨੌਜਵਾਨ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ। ਪਟੀਸ਼ਨਕਰਤਾਵਾਂ ਨੇ ਆਪਣੇ ਰਿਸ਼ਤੇਦਾਰਾਂ ਤੋਂ ਆਪਣੀ ਜ਼ਿੰਦਗੀ ਅਤੇ ਆਜ਼ਾਦੀ ਦੀ ਰੱਖਿਆ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ ਜੋ ਉਨ੍ਹਾਂ ਦੇ ਰਿਸ਼ਤੇ ਦੇ ਖ਼ਿਲਾਫ਼ ਸਨ।
Author: Gurbhej Singh Anandpuri
ਮੁੱਖ ਸੰਪਾਦਕ