ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਸੁਹਿਰਦ ਯਤਨ – ਕੇਪੀ
ਆਦਮਪੁਰ 2 ਨਵੰਬਰ (ਮਨਪ੍ਰੀਤ ਕੌਰ) ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਤਹਿਤ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਵੱਲੋਂ ਅੱਜ ਆਦਮਪੁਰ ਹਲਕੇ ਅਧੀਨ ਪੈਂਦੀਆਂ 40 ਸਹਿਕਾਰੀ ਸਭਾਵਾਂ ਦੇ 7699 ਮੈਂਬਰਾਂ ਨੂੰ ਲਗਭਗ 15.75 ਕਰੋੜ ਰੁਪਏ ਦੇ ਕਰਜ਼ਾ ਰਾਹਤ ਦੇ ਚੈੱਕ ਵੰਡੇ ਗਏ। ਇਸ ਸਬੰਧੀ ਆਦਮਪੁਰ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਕੇ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ਤੇ ਕਮਜ਼ੋਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੁਹਿਰਦ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਫ਼ੈਸਲੇ ਲੈਂਦਿਆਂ ਜਿਥੇ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ਼ ਕਰ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਉਥੇ ਹੁਣ ਪਿੰਡਾਂ ਵਿੱਚ ਪਾਣੀ ਦਾ ਬਿੱਲ ਅਗਾਂਹ ਤੋਂ 50 ਰੁਪਏ ਤੱਕ ਮਹਿਦੂਦ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਲੋਕ ਭਲਾਈ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਦਿਆਂ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਲਾਭਪਾਤਰੀਆਂ ਲਈ ਵਰਦਾਨ ਸਿੱਧ ਹੋ ਰਹੀ ਹੈ, ਜਿਸ ਤਹਿਤ ਅੱਜ ਆਦਮਪੁਰ ਹਲਕੇ ਅਧੀਨ ਪੈਂਦੀਆਂ 40 ਸਹਿਕਾਰੀ ਸਭਾਵਾਂ ਦੇ 7699 ਮੈਂਬਰਾਂ ਨੂੰ ਲਗਭਗ 15,7596258 ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕੀਤੀ ਗਈ ਹੈ । ਇਸ ਮੌਕੇ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਸੰਭਾਲ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰਕਤਾ ਕੈਂਪ ਵੀ ਲਗਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਕੇ.ਪੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਦਿਆਂ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਸਵੱਛ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਗਰੁੱਪਾਂ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਖੇਤਾਂ ਵਿੱਚ ਹੀ ਪਰਾਲੀ ਦੀ ਸੁਚੱਜੀ ਸੰਭਾਲ ਕਰ ਸਕਦੇ ਹਨ।
ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਜਗਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕ ਹਿੱਤ ਵਿੱਚ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇਸ ਮਾੜੇ ਰੁਝਾਨ ਨੂੰ ਤਿਆਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਈਏ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਲਕੇ ਦੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ