ਫਗਵਾੜਾ, 11 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਵੱਲੋਂ ਹਲਕਾ ਭੁਲੱਥ ਤੋਂ ਪਾਰਟੀ ਦੇ ਉਮੀਦਵਾਰ ਜੱਥੇਦਾਰ ਰਜਿੰਦਰ ਸਿੰਘ ਫੌਜੀ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਉਮੀਦਵਾਰ ਪੱਤਰਕਾਰ ਕੁਲਦੀਪ ਸਿੰਘ ਨੂਰ ਨੇ ਹਲਕੇ ਦੇ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕੀਤਾ ਹੈ ਅਤੇ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਨੂੰ ਜਿੱਥੇ ਵਧਾਈ ਦਿੱਤੀ ਹੈ । ਉੱਥੇ ਹੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਨਾਲ-ਨਾਲ ਹਿੰਦੋਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੌਮ ਦੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਵਾਉਣ ਲਈ ਵੀ ਅਪੀਲ ਕੀਤੀ ਹੈ। ਉਹਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾ ਕਦੇ ਹਾਰਿਆ ਸੀ ਅਤੇ ਨਾ ਹੀ ਕਦੇ ਹਾਰ ਮੰਨੇਗਾ ਕਿਉਂਕਿ ਖਾਲਸਾ ਕਦੇ ਹਾਰਦਾ ਨਹੀਂ ਹੈ, ਜਿਵੇਂ ਅਸੀਂ ਪਹਿਲਾਂ ਦੀ ਤਰ੍ਹਾਂ ਸਿੱਖ ਕੌਮ ਦੀ ਚੜ੍ਹਦੀਕਲ੍ਹਾਂ ਅਤੇ ਬਹਿਤਰੀ ਲਈ ਕੰਮ ਕਰਦੇ ਰਹੇ ਹਾਂ ਤਿਵੇਂ ਹੀ ਅੱਗੇ ਕਰਦੇ ਰਹਾਂਗੇ। ਉਹਨਾਂ ਕਿਹਾ ਕਿ 2017 ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਪੰਜਾਬ ਦੇ 49000 ਹਜ਼ਾਰ ਵੋਟਰਾਂ ਨੇ ਹੀ ਵੋਟ ਦਿੱਤੀ ਸੀ ਪਰ ਇਸ ਵਾਰ 2022 ਵਿੱਚ 4 ਲੱਖ ਦੇ ਕਰੀਬ ਵੋਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਸ੍ਰ ਸਿਮਰਨਜੀਤ ਸਿੰਘ ਮਾਨ ਨੂੰ ਵੋਟਾਂ ਪਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਬਦਲਾਅ ਦੇ ਨਾਲ-ਨਾਲ ਆਪਣਾ ਖੁਦ ਦਾ ਹੋਮਲੈਂਡ ਵਿਕਾਸਸ਼ੀਲ ਦੇਸ਼ ਵੀ ਚਾਹੁੰਦੇ ਹਨ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਪੰਜਾਬ ਵਿੱਚ ਨਵੇਂ ਬਦਲਾਅ ਵਜੋਂ ਮੌਕਾ ਬਖਸ਼ਿਸ਼ ਕਰ ਦੇਣਗੇ।
Author: Gurbhej Singh Anandpuri
ਮੁੱਖ ਸੰਪਾਦਕ