ਸੰਨ 2015 ਦੇ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਪੰਥ ਤੋਂ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

16

ਅੰਮ੍ਰਿਤਸਰ 6 ਜੁਲਾਈ ( ਗੁਰਭੇਜ ਸਿੰਘ ਅਨੰਦਪੁਰੀ ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਅੰਮ੍ਰਿਤਸਰ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਊਪਰੰਤ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਸਾਫ ਤੌਰ ’ਤੇ ਸਾਹਮਣੇ ਆਇਆ ਹੈ ਕਿ ਇਹ ਬੇਅਦਬੀ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਲੋਕਾਂ ਵੱਲੋਂ ਕੀਤੀ ਗਈ ਸੀ, ਜਿਸ ਵਿਚ ਤਤਕਾਲੀ ਅਕਾਲੀ ਸਰਕਾਰ ਦਾ ਕੋਈ ਹੱਥ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਬੀਤੇ ਸਮੇਂ ’ਚ ਸਰਕਾਰਾਂ ਵੱਲੋਂ ਜਾਣਬੁਝ ਕੇ ਸੋਝੀ ਸਮਝੀ ਮਨਸ਼ਾ ਤਹਿਤ ਸਿਆਸੀ ਲਾਹੇ ਲਈ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ ਗਿਆ, ਜਿਸ ਲਈ ਇਹ ਲੋਕ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਵਾਪਰਦਿਆਂ ਹੀ ਸਮੇਂ ਦੀ ਅਕਾਲੀ ਸਰਕਾਰ ਨੇ ਐਫਆਈਆਰ ਦਰਜ਼ ਕਰਕੇ ਜਾਂਚ ਆਰੰਭੀ ਸੀ, ਪਰ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਸਰਕਾਰ ਵੱਲੋਂ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਇਸ ਮਗਰੋਂ ਕਾਂਗਰਸ ਦੀ ਸਰਕਾਰ 5 ਸਾਲ ਇਸ ’ਤੇ ਸਿਆਸਤ ਕਰਦੀ ਰਹੀ। ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਦੇ ਪੱਖਪਾਤੀ ਰਵੱਈਏ ਕਰਕੇ ਮਾਣਯੋਗ ਹਾਈਕੋਰਟ ਨੇ ਉਸ ਦੀ ਰਿਪੋਰਟ ਰੱਦ ਕਰ ਦਿੱਤੀ ਅਤੇ ਨਵੀਂ ਜਾਂਚ ਟੀਮ ਬਣਾਉਣ ਦਾ ਆਦੇਸ਼ ਦਿੱਤਾ ਸੀ। ਇਸ ਨਵੀਂ ਜਾਂਚ ਟੀਮ ਦੀ ਸਾਹਮਣੇ ਆਈ ਰਿਪੋਰਟ ਤੋਂ ਜ਼ਾਹਿਰ ਹੋ ਚੁੱਕਾ ਹੈ ਕਿ ਬੇਅਦਬੀ ਮਾਮਲਿਆਂ ਵਿਚ ਤਤਕਾਲੀ ਸਰਕਾਰ ਦਾ ਕੋਈ ਰੋਲ ਨਹੀਂ ਸੀ, ਸਗੋਂ ਸਰਕਾਰ ਨੇ ਤਾਂ ਐਫਆਈਆਰ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਪੰਥ ਦੀ ਅਗਵਾਈ ਕਰਨ ਵਾਲੀ ਜਮਾਤ ਅਤੇ ਪੰਥਕ ਹਿੱਤਾਂ ਦੇ ਤਰਜ਼ਮਾਨ ਸ਼੍ਰੋਮਣੀ ਅਕਾਲੀ ਦਲ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਪੰਥ ਨੂੰ ਨਿਆਂ ਮਿਲਣਾ ਚਾਹੀਦਾ ਹੈ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?