ਗੋਲਡਨ ਗੇਟ ਤੋਂ ਅਕਾਲ ਤਖ਼ਤ ਸਾਹਿਬ ਤੱਕ ਨਿਕਲੇਗਾ ਮੋਟਰ ਸਾਇਕਲਾਂ ‘ਤੇ ਮਾਰਚ
ਅੰਮ੍ਰਿਤਸਰ, 11 ਅਗਸਤ ( ਹਰਮੇਲ ਸਿੰਘ ਹੁੰਦਲ ) ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਵਿੰਡ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ, ਪੰਥਕ ਆਗੂ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਜਥੇਦਾਰ ਭਾਈ ਬਲਵੰਤ ਸਿੰਘ ਗੋਪਾਲਾ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਮੂਹ ਪੰਥਕ ਜਥੇਬੰਦੀਆਂ ਵੱਲੋਂ 14 ਅਗਸਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੋਲਡਨ ਗੇਟ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮੋਟਰ ਸਾਇਕਲਾਂ ਅਤੇ ਗੱਡੀਆਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਲਾ ਕੇ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਸਵੇਰੇ 11 ਵਜੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਜਾਵੇਗਾ। ਉਹਨਾਂ ਸਮੂਹ ਸੰਗਤਾਂ ਨੂੰ ਨੀਲੀਆਂ-ਪੀਲੀਆਂ ਦਸਤਾਰਾਂ ਸਜਾ ਕੇ ਮਾਰਚ ਵਿੱਚ ਪਹੁੰਚਣ ਦੀ ਅਪੀਲ ਕੀਤੀ। ਪੰਥਕ ਆਗੂਆਂ ਨੇ ਕਿਹਾ ਕਿ 15 ਅਗਸਤ ਨੂੰ ਹਰ ਸਿੱਖ ਆਪਣੇ ਘਰ, ਦੁਕਾਨ ਅਤੇ ਹੋਰ ਅਦਾਰਿਆਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰੇ।
ਇਸ ਮੌਕੇ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਜਸਕਰਨ ਸਿੰਘ ਪੰਡੋਰੀ, ਭਾਈ ਹਰਪ੍ਰੀਤ ਸਿੰਘ ਬੰਟੀ, ਭਾਈ ਧਰਮਿੰਦਰ ਸਿੰਘ ਨਿਜ਼ਾਮਪੁਰ, ਭਾਈ ਲਖਵਿੰਦਰ ਸਿੰਘ ਮਾਨਾਂਵਾਲਾ ਅਤੇ ਭਾਈ ਗੁਰਦੀਪ ਸਿੰਘ ਲੋਹਾਰਾ ਆਦਿ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ