
ਜਲੰਧਰ- ਨਵਜੋਤ ਸਿੰਘ ਸਿੱਧੂ ਨੂੰ ਅੱਜ ਐਤਵਾਰ ਦੇ ਦਿਨ ਪੰਜਾਬ ਕਾਂਗਰਸ ਦੀ ਕਮਾਨ ਸੋਂਪ ਦਿੱਤੀ ਗਈ ਹੈ। ਦੱਸ ਦੇਈਏ ਕਿ ਕਾਫੀ ਦਿਨਾਂ ਤੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਦੀਆਂ ਖ਼ਬਰਾਂ ਚੱਲ ਰਹੀਆਂ ਸਨ ਪਰ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਹੀ ਹੋਣਗੇ ਇਸ ‘ਤੇ ਹਾਈਕਮਾਂਡ ਵਲੋਂ ਮੋਹਰ ਲੱਗਾ ਦਿੱਤੀ ਗਈ ਹੈ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਦੌਰਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗਾ। ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਜਿਸ ‘ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਂ ਹਨ।
