ਅੰਮ੍ਰਿਤਸਰ 21 ਅਕਤੂਬਰ ( ਹਰਮੇਲ ਸਿੰਘ ਹੁੰਦਲ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੂਬੇ ਦੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲਡ਼ਨ ਲਈ ਪੂਰੀ ਤਰ੍ਹਾਂ ਦ੍ਰਿਡ਼੍ਹ ਹਨ। ਇਹ ਚੋਣ 9 ਨਵੰਬਰ ਨੂੰ ਹੋਣੀ ਤੈਅ ਹੈ। ‘ਜੇ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ’ਤੇ ਨਹੀਂ ਵੀ ਥਾਪਦੀ, ਤਾਂ ਵੀ ਉਨ੍ਹਾਂ ਨੇ ਵੱਖਰੇ ਤੌਰ ’ਤੇ ਚੋਣ ਲਡ਼ਨ ਦਾ ਫ਼ੈਸਲਾ ਕੀਤਾ ਹੈ’। ਇਹ ਪ੍ਰਗਟਾਵਾ ਖ਼ੁਦ ਬੀਬੀ ਜਗੀਰ ਕੌਰ ਨੇ ਕੀਤਾ ਹੈ। ਉਹ ਕਮੇਟੀ ਦੇ ਵੱਖ-ਵੱਖ ਮੈਂਬਰਾਂ ਨਾਲ ਸੰਪਰਕ ਵੀ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸ 9 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰੇ ਇਕ ਵਜੇ ਰੱਖਿਆ ਗਿਆ ਹੈ। ਹਰ ਸਾਲ ਜਨਰਲ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੁੰਦੀ ਹੈ। ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਬਹੁਤਾਤ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਅਕਾਲੀ ਦਲ ਦਾ ਹੀ ਬਣਦਾ ਆ ਰਿਹਾ ਹੈ। ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੰਜਾਬ ’ਚ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਤੇ ਬਹਿਬਲ ਕਲਾਂ ਤੇ ਬਰਗਾਡ਼ੀ ਗੋਲ਼ੀ ਕਾਂਡ ਨੂੰ ਲੈ ਕੇ ਸਿੱਖ ਸੰਗਤ ’ਚ ਰੋਸ ਹੈ, ਜਿਸ ਦਾ ਖਮਿਆਜ਼ਾ ਲਗਾਤਾਰ ਦੋ ਵਾਰ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਭੁਗਤਣਾ ਪਿਆ ਹੈ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਚੋਣ ਵਿਚ ਭਾਵੇਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਹਾਸਲ ਹੋਈ ਸੀ ਪਰ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰਧਾਨ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਨਾਂ ਦੀ ਨਵੀਂ ਪਾਰਟੀ ਬਣਾ ਲਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਸਾਰੇ ਮੈਂਬਰਾਂ ਨੂੰ ਨਵੀਂ ਪਾਰਟੀ ’ਚ ਸ਼ਾਮਲ ਕਰ ਕੇ ਦਿੱਲੀ ਕਮੇਟੀ ’ਤੇ ਕਬਜ਼ਾ ਕਰ ਲਿਆ ਸੀ।
ਗੁਰੂ ਘਰ ਦੀ ਸੇਵਾ ਕਰਨਾ ਮੇਰਾ ਹੱਕ : ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਚਾਰ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਬੇਦਾਗ਼ ਹਨ। ਉਹ ਗੁਰੂ ਘਰ ਦੀ ਸੇਵਾ ਕਰਨੀ ਚਾਹੁੰਦੇ ਹਨ, ਜੋ ਉਨ੍ਹਾਂ ਦਾ ਹੱਕ ਹੈ, ਉਹ ਪ੍ਰਧਾਨ ਦੇ ਅਹੁਦੇ ਲਈ ਜਨਰਲ ਹਾਊਸ ਵਿਚ ਆਪਣਾ ਨਾਂ ਪੇਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਇਹ ਦੱਸੇ ਕਿ ਉਹ ਪ੍ਰਧਾਨ ਦੇ ਯੋਗ ਕਿਉਂ ਨਹੀਂ।
ਹਰ ਮੈਂਬਰ ਨੂੰ ਚੋਣ ਲੜਨ ਦਾ ਅਧਿਕਾਰ: ਦਾਦੂਵਾਲ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸੰਵਿਧਾਨ ਮੁਤਾਬਕ ਹਰੇਕ ਮੈਂਬਰ ਨੂੰ ਪ੍ਰਧਾਨ ਦੇ ਅਹੁਦੇ ਲਈ ਖਡ਼੍ਹੇ ਹੋਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਕੋਈ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਾਲ ਚੱਲਣ ਨੂੰ ਰਾਜ਼ੀ ਨਹੀਂ ਹੈ।
ਬੀਬੀ ਜਗੀਰ ਕੌਰ ਨੂੰ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦੈ: ਕਾਲਕਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜੇ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵੱਖਰੇ ਤੌਰ ’ਤੇ ਪ੍ਰਧਾਨ ਲਈ ਖਡ਼੍ਹੇ ਹੋਣਗੇ ਤਾਂ ਪੰਥ ਸਾਥ ਦੇਵੇਗਾ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਖੁੱਲ੍ਹ ਕੇ ਪ੍ਰਧਾਨ ਦੇ ਅਹੁਦੇ ਲਈ ਸਾਹਮਣੇ ਆ ਜਾਣਾ ਚਾਹੀਦਾ ਹੈ, ਸਾਹਮਣੇ ਆਉਣ ਨਾਲ ਜ਼ਰੂਰ ਲਾਭ ਮਿਲੇਗਾ ਪਰ ਜੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲ ਵੀ ਟੇਕ ਰੱਖਣੀ ਹੈ ਤਾਂ ਨੁਕਸਾਨ ਹੀ ਹੋਵੇਗਾ। ਪੰਥ ਦੀ ਸੇਵਾ ਲਈ ਖੁੱਲ੍ਹ ਕੇ ਸਾਹਮਣੇ ਆਉਣ ਦੀ ਲੋਡ਼ ਹੈ, ਉਨ੍ਹਾਂ ਦਾ ਸਹਿਯੋਗ ਵੀ ਬੀਬੀ ਜਗੀਰ ਕੌਰ ਦੇ ਨਾਲ ਰਹੇਗਾ।
ਲੋਕਤੰਤਰੀ ਤਰੀਕੇ ਨਾਲ ਹੀ ਹੋਵੇਗੀ ਚੋਣ : ਡਾ. ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੋਕਤੰਤਰੀ ਤਰੀਕੇ ਨਾਲ ਹੀ ਕਰਵਾਈ ਜਾਂਦੀ ਹੈ। ਇਸ ਵਾਰੀ ਵੀ ਉਸੇ ਤਰ੍ਹਾਂ ਹੀ ਕਰਵਾਈ ਜਾਵੇਗੀ।
Author: Gurbhej Singh Anandpuri
ਮੁੱਖ ਸੰਪਾਦਕ